ਮਰਕੁਸ 10
10
ਤਲਾਕ ਦੇ ਬਾਰੇ ਯਿਸੂ ਦੀ ਸਿੱਖਿਆ
ਮੱਤੀ 19:1-12; ਲੂਕਾ 16:18
1ਫੇਰ ਪ੍ਰਭੂ ਯਿਸੂ ਉੱਥੋਂ ਉੱਠ ਕੇ ਯਹੂਦਿਯਾ ਦੀਆਂ ਹੱਦਾਂ ਵਿੱਚ ਅਤੇ ਯਰਦਨ ਦੇ ਪਾਰ ਪਹੁੰਚੇ ਅਤੇ ਬਹੁਤ ਲੋਕ ਉਨ੍ਹਾ ਦੇ ਕੋਲ ਫੇਰ ਆਣ ਇਕੱਠੇ ਹੋਏ ਅਤੇ ਉਹ ਆਪਣੇ ਦਸਤੂਰ ਅਨੁਸਾਰ ਫੇਰ ਉਨ੍ਹਾਂ ਨੂੰ ਉਪਦੇਸ਼ ਦੇਣ ਲੱਗਾ। 2ਫ਼ਰੀਸੀਆਂ ਨੇ ਕੋਲ ਆ ਕੇ ਉਸ ਦੀ ਪ੍ਰੀਖਿਆ ਲੈਣ ਲਈ ਉਹ ਨੂੰ ਪੁੱਛਿਆ, ਭਲਾ, ਇਹ ਯੋਗ ਹੈ ਜੋ ਆਦਮੀ ਆਪਣੀ ਪਤਨੀ ਨੂੰ ਤਿਆਗ ਦੇਵੇ? 3ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੂਸਾ ਨੇ ਤੁਹਾਨੂੰ ਇਸ ਬਾਰੇ ਕੀ ਹੁਕਮ ਦਿੱਤਾ? 4ਉਹ ਬੋਲੇ, ਮੂਸਾ ਨੇ ਤਾਂ ਸਾਨੂੰ ਇਜ਼ਾਜਤ ਦਿੱਤੀ ਹੈ, ਜੋ ਆਦਮੀ ਤਿਆਗ ਪੱਤਰ ਲਿਖ ਕੇ ਤਿਆਗ ਦੇਵੇ। 5ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਉਹ ਨੇ ਤੁਹਾਡੀ ਸਖ਼ਤ ਦਿਲੀ ਦੇ ਕਾਰਨ ਤੁਹਾਡੇ ਲਈ ਇਹ ਹੁਕਮ ਲਿਖਿਆ। 6ਪਰ ਸ੍ਰਿਸ਼ਟੀ ਦੇ ਮੁੱਢੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਨਰ ਅਤੇ ਨਾਰੀ ਬਣਾਇਆ ਸੀ। 7ਇਸ ਕਾਰਨ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ। 8ਸੋ ਹੁਣ ਉਹ ਦੋ ਨਹੀਂ ਪਰ ਇੱਕ ਸਰੀਰ ਹਨ। 9ਇਸ ਲਈ ਜਿਹਨਾਂ ਨੂੰ ਪਰਮੇਸ਼ੁਰ ਨੇ ਜੋੜਿਆ ਹੈ, ਮਨੁੱਖ ਉਸ ਨੂੰ ਵੱਖ ਨਾ ਕਰੇ। 10ਫੇਰ ਘਰ ਵਿੱਚ ਚੇਲਿਆਂ ਨੇ ਇਸ ਗੱਲ ਦੇ ਬਾਰੇ ਪ੍ਰਭੂ ਨੂੰ ਫਿਰ ਪੁੱਛਿਆ। 11ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਜੋ ਕੋਈ ਆਪਣੀ ਪਤਨੀ ਨੂੰ ਤਿਆਗ ਦੇਵੇ ਅਤੇ ਦੂਸਰੀ ਨਾਲ ਵਿਆਹ ਕਰੇ ਉਹ ਉਸ ਦੇ ਵਿਰੁੱਧ ਵਿਭਚਾਰ ਕਰਦਾ ਹੈ। 12ਅਤੇ ਜੇ ਪਤਨੀ ਆਪਣੇ ਪਤੀ ਨੂੰ ਤਿਆਗ ਕੇ ਦੂਜੇ ਨਾਲ ਵਿਆਹ ਕਰੇ ਤਾਂ ਉਹ ਵੀ ਵਿਭਚਾਰ ਕਰਦੀ ਹੈ।
ਛੋਟੇ ਬੱਚੇ ਅਤੇ ਯਿਸੂ
ਮੱਤੀ 19:13-15
13ਫੇਰ ਲੋਕ ਆਪਣੇ ਛੋਟੇ ਬੱਚਿਆਂ ਨੂੰ ਉਹ ਦੇ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਉੱਤੇ ਹੱਥ ਰੱਖੇ, ਪਰ ਚੇਲਿਆਂ ਨੇ ਉਨ੍ਹਾਂ ਨੂੰ ਝਿੜਕਿਆ। 14ਤਾਂ ਪ੍ਰਭੂ ਯਿਸੂ ਇਹ ਵੇਖ ਕੇ ਬਹੁਤ ਨਰਾਜ਼ ਹੋਏ ਅਤੇ ਉਨ੍ਹਾਂ ਨੂੰ ਆਖਿਆ, ਛੋਟਿਆਂ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ। ਅਤੇ ਉਨ੍ਹਾਂ ਨੂੰ ਨਾ ਰੋਕੋ, ਕਿਉਂ ਜੋ ਪਰਮੇਸ਼ੁਰ ਦਾ ਰਾਜ ਇਹੋ ਜਿਹਿਆਂ ਦਾ ਹੀ ਹੈ। 15ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜੋ ਕੋਈ ਪਰਮੇਸ਼ੁਰ ਦੇ ਰਾਜ ਨੂੰ ਛੋਟੇ ਬੱਚੇ ਦੀ ਤਰ੍ਹਾਂ ਕਬੂਲ ਨਾ ਕਰੇ ਉਹ ਉਸ ਵਿੱਚ ਕਦੇ ਨਾ ਵੜੇਗਾ। 16ਅਤੇ ਉਸ ਨੇ ਉਨ੍ਹਾਂ ਨੂੰ ਗੋਦ ਵਿੱਚ ਲਿਆ ਅਤੇ ਉਨ੍ਹਾਂ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਬਰਕਤ ਦਿੱਤੀ।
ਧਨੀ ਜੁਆਨ ਅਤੇ ਸਦੀਪਕ ਜੀਵਨ
ਮੱਤੀ 19:16-30; ਲੂਕਾ 18:18-30
17ਜਦ ਪ੍ਰਭੂ ਯਿਸੂ ਬਾਹਰ ਨਿੱਕਲ ਕੇ ਰਾਹ ਵੱਲ ਚਲੇ ਜਾਂਦੇ ਸਨ, ਤਾਂ ਇੱਕ ਮਨੁੱਖ ਉਹ ਦੇ ਕੋਲ ਦੌੜਿਆ ਆਇਆ ਅਤੇ ਉਹ ਦੇ ਅੱਗੇ ਗੋਡੇ ਟੇਕ ਕੇ ਉਹ ਨੂੰ ਪੁੱਛਿਆ, ਹੇ ਉੱਤਮ ਗੁਰੂ, ਮੈਂ ਅਜਿਹਾ ਕੀ ਕਰਾਂ ਜੋ ਸਦੀਪਕ ਜੀਵਨ ਦਾ ਅਧਿਕਾਰੀ ਹੋਵਾਂ? 18ਯਿਸੂ ਨੇ ਉਹ ਨੂੰ ਆਖਿਆ, ਤੂੰ ਮੈਨੂੰ ਉੱਤਮ ਕਿਉਂ ਕਹਿੰਦਾ ਹੈਂ? ਉੱਤਮ ਕੋਈ ਨਹੀਂ, ਪਰ ਕੇਵਲ ਇੱਕੋ ਪਰਮੇਸ਼ੁਰ। 19ਤੂੰ ਹੁਕਮਾਂ ਨੂੰ ਜਾਣਦਾ ਹੈਂ ਕਿ ਖੂਨ ਨਾ ਕਰ, ਵਿਭਚਾਰ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦੇ, ਠੱਗੀ ਨਾ ਕਰ, ਆਪਣੇ ਮਾਤਾ-ਪਿਤਾ ਦਾ ਆਦਰ ਕਰ। 20ਉਸ ਨੇ ਉਹ ਨੂੰ ਕਿਹਾ, ਗੁਰੂ ਜੀ, ਮੈਂ ਆਪਣੇ ਬਚਪਨ ਤੋਂ ਇਨ੍ਹਾਂ ਸਭਨਾਂ ਨੂੰ ਮੰਨਦਾ ਆਇਆ ਹਾਂ। 21ਯਿਸੂ ਨੇ ਉਹ ਦੀ ਵੱਲ ਵੇਖ ਕੇ ਉਹ ਨੂੰ ਪਿਆਰ ਕੀਤਾ ਅਤੇ ਉਹ ਨੂੰ ਕਿਹਾ, ਤੇਰੇ ਵਿੱਚ ਇੱਕ ਗੱਲ ਦੀ ਕਮੀ ਹੈ। ਜਾ ਅਤੇ ਜੋ ਕੁਝ ਤੇਰਾ ਹੈ, ਸੋ ਵੇਚ ਅਤੇ ਕੰਗਾਲਾਂ ਨੂੰ ਵੰਡ ਦੇ ਤਾਂ ਤੈਨੂੰ ਸਵਰਗ ਵਿੱਚ ਧਨ ਮਿਲੇਗਾ ਅਤੇ ਆ, ਮੇਰੇ ਪਿੱਛੇ ਹੋ ਤੁਰ। 22ਪਰ ਇਸ ਗੱਲ ਤੋਂ ਉਸ ਦੇ ਚਿਹਰੇ ਤੇ ਉਦਾਸੀ ਛਾ ਗਈ ਅਤੇ ਉਹ ਉਦਾਸ ਹੋ ਕੇ ਚੱਲਿਆ ਗਿਆ ਕਿਉਂ ਜੋ ਉਹ ਵੱਡਾ ਧਨਵਾਨ ਸੀ। 23ਤਦ ਯਿਸੂ ਨੇ ਚੁਫ਼ੇਰੇ ਨਿਗਾਹ ਕਰ ਕੇ ਆਪਣੇ ਚੇਲਿਆਂ ਨੂੰ ਕਿਹਾ, ਅਮੀਰਾਂ ਦਾ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਕਿੰਨ੍ਹਾਂ ਹੀ ਔਖਾ ਹੋਵੇਗਾ! 24ਚੇਲੇ ਉਹ ਦੀਆਂ ਗੱਲਾਂ ਤੋਂ ਹੈਰਾਨ ਹੋਏ, ਪਰ ਯਿਸੂ ਨੇ ਉਨ੍ਹਾਂ ਨੂੰ ਫੇਰ ਕਿਹਾ, ਹੇ ਬਾਲਕੋ, ਜਿਹੜੇ ਧਨ ਉੱਤੇ ਭਰੋਸਾ ਰੱਖਦੇ ਹਨ ਉਨ੍ਹਾਂ ਲਈ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਕਿੰਨ੍ਹਾਂ ਹੀ ਔਖਾ ਹੈ! 25ਪਰਮੇਸ਼ੁਰ ਦੇ ਰਾਜ ਵਿੱਚ ਧਨਵਾਨ ਦੇ ਵੜਨ ਨਾਲੋਂ ਊਠ ਦਾ ਸੂਈ ਦੇ ਨੱਕੇ ਵਿੱਚੋਂ ਦੀ ਲੰਘਣਾ ਸੌਖਾ ਹੈ। 26ਉਹ ਬਹੁਤ ਹੀ ਹੈਰਾਨ ਹੋ ਕੇ ਆਪੋ ਵਿੱਚ ਕਹਿਣ ਲੱਗੇ, ਤਾਂ ਫਿਰ ਕੌਣ ਮੁਕਤੀ ਪਾ ਸਕਦਾ ਹੈ? 27ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਆਖਿਆ, ਮਨੁੱਖਾਂ ਤੋਂ ਇਹ ਅਣਹੋਣਾ ਹੈ ਪਰ ਪਰਮੇਸ਼ੁਰ ਤੋਂ ਨਹੀਂ ਕਿਉਂਕਿ ਪਰਮੇਸ਼ੁਰ ਤੋਂ ਸਭ ਕੁਝ ਹੋ ਸਕਦਾ ਹੈ। 28ਤਦ ਪਤਰਸ ਨੇ ਪ੍ਰਭੂ ਯਿਸੂ ਨੂੰ ਆਖਿਆ, ਵੇਖੋ ਅਸੀਂ ਸਭ ਕੁਝ ਛੱਡ ਕੇ ਤੇਰੇ ਪਿੱਛੇ ਹੋ ਤੁਰੇ ਹਾਂ। 29ਯਿਸੂ ਨੇ ਆਖਿਆ, ਮੈਂ ਤੁਹਾਨੂੰ ਸੱਚ ਆਖਦਾ ਹਾਂ ਅਜਿਹਾ ਕੋਈ ਨਹੀਂ ਜਿਸ ਨੇ ਘਰ, ਭਾਈਆਂ, ਭੈਣਾਂ, ਮਾਤਾ, ਪਿਤਾ, ਬਾਲ ਬੱਚਿਆਂ ਜਾਂ ਜ਼ਮੀਨਾਂ ਨੂੰ ਮੇਰੇ ਅਤੇ ਮੇਰੀ ਖੁਸ਼ਖਬਰੀ ਦੇ ਲਈ ਛੱਡਿਆ ਹੋਵੇ। 30ਅਤੇ ਹੁਣ ਇਸ ਸਮੇਂ ਵਿੱਚ ਸੌ ਗੁਣਾ ਨਾ ਪਾਵੇ, ਘਰ ਅਤੇ ਭਾਈ ਭੈਣਾਂ ਅਤੇ ਮਾਵਾਂ ਅਤੇ ਬਾਲ ਬੱਚੇ ਅਤੇ ਜ਼ਮੀਨਾਂ ਨੂੰ ਪਰ ਦੁੱਖਾਂ ਨਾਲ ਅਤੇ ਅਗਲੇ ਯੁੱਗ ਵਿੱਚ ਸਦੀਪਕ ਜੀਵਨ। 31ਪਰ ਬਥੇਰੇ ਜੋ ਪਹਿਲੇ ਹਨ ਸੋ ਪਿਛਲੇ ਹੋਣਗੇ ਅਤੇ ਪਿਛਲੇ, ਪਹਿਲੇ।
ਯਿਸੂ ਆਪਣੀ ਮੌਤ ਦੇ ਬਾਰੇ ਤੀਸਰੀ ਵਾਰ ਭਵਿੱਖਬਾਣੀ ਕਰਦਾ ਹੈ
ਮੱਤੀ 20:17-19; ਲੂਕਾ 18:31-34
32ਉਹ ਯਰੂਸ਼ਲਮ ਨੂੰ ਜਾਣ ਵਾਲੇ ਰਾਹ ਉੱਤੇ ਸਨ ਅਤੇ ਪ੍ਰਭੂ ਯਿਸੂ ਉਨ੍ਹਾਂ ਦੇ ਅੱਗੇ-ਅੱਗੇ ਤੁਰਿਆ ਜਾਂਦਾ ਸੀ ਅਤੇ ਉਹ ਹੈਰਾਨ ਹੋਏ ਅਤੇ ਜੋ ਉਨ੍ਹਾ ਦੇ ਪਿੱਛੇ-ਪਿੱਛੇ ਚੱਲਦੇ ਸਨ ਉਹ ਡਰਨ ਲੱਗੇ ਅਤੇ ਫੇਰ ਉਹ ਉਨ੍ਹਾਂ ਬਾਰਾਂ ਨੂੰ ਲੈ ਕੇ ਜੋ ਕੁਝ ਉਸ ਉੱਤੇ ਬੀਤਣਾ ਸੀ ਉਨ੍ਹਾਂ ਨੂੰ ਦੱਸਣ ਲੱਗਾ। 33ਕਿ ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਮਨੁੱਖ ਦਾ ਪੁੱਤਰ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਉਸ ਨੂੰ ਮਾਰ ਸੁੱਟਣ ਦਾ ਹੁਕਮ ਦੇਣਗੇ ਅਤੇ ਉਸ ਨੂੰ ਪਰਾਈਆਂ ਕੌਮਾਂ ਦੇ ਹਵਾਲੇ ਕਰਨਗੇ। 34ਉਹ ਉਸ ਨੂੰ ਬੇਇੱਜ਼ਤ ਕਰਨਗੇ ਅਤੇ ਉਸ ਉੱਤੇ ਥੁੱਕਣਗੇ ਅਤੇ ਕੋਰੜੇ ਮਾਰਨਗੇ ਅਤੇ ਮਾਰ ਸੁੱਟਣਗੇ ਪਰ ਉਹ ਤਿੰਨਾਂ ਦਿਨਾਂ ਪਿੱਛੋਂ ਫੇਰ ਜੀ ਉੱਠੇਗਾ।
ਯਾਕੂਬ ਅਤੇ ਯੂਹੰਨਾ ਦੀ ਬੇਨਤੀ
ਮੱਤੀ 20:20-28
35ਤਦ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਉਸ ਦੇ ਕੋਲ ਆਣ ਕੇ ਉਹ ਨੂੰ ਕਹਿਣ ਲੱਗੇ, ਗੁਰੂ ਜੀ, ਅਸੀਂ ਚਾਹੁੰਦੇ ਹਾਂ ਕਿ ਜੋ ਕੁਝ ਅਸੀਂ ਤੇਰੇ ਕੋਲੋਂ ਮੰਗੀਏ ਤੂੰ ਸੋਈ ਸਾਡੇ ਲਈ ਕਰੇਂ। 36ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਕੀ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਕਰਾਂ? 37ਉਨ੍ਹਾਂ ਨੇ ਉਸ ਨੂੰ ਕਿਹਾ, ਸਾਨੂੰ ਇਹ ਬਖ਼ਸ਼ ਕਿ ਅਸੀਂ ਤੇਰੀ ਮਹਿਮਾ ਵਿੱਚ ਇੱਕ ਤੇਰੇ ਸੱਜੇ ਅਤੇ ਇੱਕ ਤੇਰੇ ਖੱਬੇ ਬੈਠੀਏ। 38ਯਿਸੂ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਨਹੀਂ ਜਾਣਦੇ ਜੋ ਕੀ ਮੰਗਦੇ ਹੋ। ਭਲਾ, ਉਹ ਪਿਆਲਾ ਜਿਹੜਾ ਮੈਂ ਪੀਣਾ ਹੈ ਤੁਸੀਂ ਪੀ ਸਕਦੇ ਹੋ ਜਾਂ ਉਹ ਬਪਤਿਸਮਾ ਜਿਹੜਾ ਮੈਂ ਲੈਣਾ ਹੈ ਤੁਸੀਂ ਲੈ ਸਕਦੇ ਹੋ? 39ਉਨ੍ਹਾਂ ਉਸ ਨੂੰ ਆਖਿਆ, ਸਾਡੇ ਤੋਂ ਹੋ ਸਕਦਾ ਹੈ। ਯਿਸੂ ਨੇ ਉਨ੍ਹਾਂ ਨੂੰ ਕਿਹਾ, ਉਹ ਪਿਆਲਾ ਜਿਹੜਾ ਮੈਂ ਪੀਣਾ ਹੈ ਤੁਸੀਂ ਤਾਂ ਪੀਓਗੇ ਅਤੇ ਉਹ ਬਪਤਿਸਮਾ ਜਿਹੜਾ ਮੈਂ ਲੈਣਾ ਹੈ ਤੁਸੀਂ ਲਵੋਗੇ। 40ਪਰ ਸੱਜੇ ਖੱਬੇ ਬਿਠਾਉਣਾ ਮੇਰਾ ਕੰਮ ਨਹੀਂ ਪਰ ਉਨ੍ਹਾਂ ਲਈ ਹੈ ਜਿਨ੍ਹਾਂ ਲਈ ਤਿਆਰ ਕੀਤਾ ਗਿਆ ਹੈ। 41ਜਦੋਂ ਬਾਕੀ ਦਸ ਚੇਲਿਆਂ ਨੇ ਇਹ ਸੁਣਿਆ ਤਾਂ ਉਹ ਯਾਕੂਬ ਅਤੇ ਯੂਹੰਨਾ ਉੱਤੇ ਖਿਝਣ ਲੱਗੇ। 42ਤਦੋਂ ਯਿਸੂ ਨੇ ਉਨ੍ਹਾਂ ਨੂੰ ਆਪਣੇ ਕੋਲ ਸੱਦਿਆ ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਜਾਣਦੇ ਹੋ ਕਿ ਜਿਹੜੇ ਪਰਾਈਆਂ ਕੌਮਾਂ ਦੇ ਵਿੱਚ ਹਾਕਮ ਗਿਣੇ ਜਾਂਦੇ ਹਨ ਉਹ ਉਨ੍ਹਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਉਨ੍ਹਾਂ ਦੇ ਸਰਦਾਰ ਉਨ੍ਹਾਂ ਉੱਤੇ ਇਖ਼ਤਿਆਰ ਰੱਖਦੇ ਹਨ। 43ਪਰ ਤੁਹਾਡੇ ਵਿੱਚ ਅਜਿਹਾ ਨਾ ਹੋਵੇ ਸਗੋਂ ਜੋ ਕੋਈ ਤੁਹਾਡੇ ਵਿੱਚੋਂ ਵੱਡਾ ਹੋਣਾ ਚਾਹੇ ਸੋ ਤੁਹਾਡਾ ਸੇਵਕ ਹੋਵੇ। 44ਅਤੇ ਜੋ ਕੋਈ ਤੁਹਾਡੇ ਵਿੱਚੋਂ ਅਧਿਕਾਰੀ ਬਣਨਾ ਚਾਹੇ ਉਹ ਸਭ ਦਾ ਨੌਕਰ ਹੋਵੇ। 45ਕਿਉਂਕਿ ਮਨੁੱਖ ਦਾ ਪੁੱਤਰ ਵੀ ਆਪਣੀ ਸੇਵਾ ਕਰਾਉਣ ਲਈ ਨਹੀਂ, ਸਗੋਂ ਸੇਵਾ ਕਰਨ ਲਈ ਆਇਆ ਹੈ, ਅਤੇ ਬਹੁਤਿਆਂ ਦੇ ਪ੍ਰਾਸਚਿੱਤ ਦਾ ਮੁੱਲ ਭਰਨ ਨੂੰ ਆਪਣੀ ਜਾਨ ਦੇਣ ਲਈ ਆਇਆ ਹੈ।
ਅੰਨ੍ਹੇ ਬਰਤਿਮਈ ਨੂੰ ਸੁਜਾਖਾ ਕਰਨਾ
ਮੱਤੀ 20:29-34; ਲੂਕਾ 18:35-43
46ਉਹ ਯਰੀਹੋ ਵਿੱਚ ਆਏ ਅਤੇ ਜਦ ਉਹ ਅਤੇ ਉਹ ਦੇ ਚੇਲੇ ਅਤੇ ਬਹੁਤ ਲੋਕ ਯਰੀਹੋ ਤੋਂ ਨਿੱਕਲ ਰਹੇ ਸਨ, ਤਾਂ ਤਿਮਈ ਦਾ ਪੁੱਤਰ ਬਰਤਿਮਈ ਇੱਕ ਅੰਨ੍ਹਾ ਭਿਖਾਰੀ ਸੜਕ ਦੇ ਕਿਨਾਰੇ ਬੈਠਾ ਸੀ। 47ਜਦ ਉਸ ਨੇ ਇਹ ਸੁਣਿਆ ਕੇ ਯਿਸੂ ਨਾਸਰੀ ਹੈ, ਤਾਂ ਉੱਚੀ ਅਵਾਜ਼ ਨਾਲ ਕਹਿਣ ਲੱਗਾ, ਹੇ ਦਾਊਦ ਦੇ ਪੁੱਤਰ, ਹੇ ਯਿਸੂ ਨਾਸਰੀ ਮੇਰੇ ਉੱਤੇ ਦਯਾ ਕਰ! 48ਬਹੁਤਿਆਂ ਨੇ ਉਹ ਨੂੰ ਝਿੜਕਿਆ ਕਿ ਚੁੱਪ ਰਹਿ ਪਰ ਉਹ ਹੋਰ ਵੀ ਉੱਚੀ ਅਵਾਜ਼ ਨਾਲ ਬੋਲਿਆ, ਹੇ ਦਾਊਦ ਦੇ ਪੁੱਤਰ, ਮੇਰੇ ਉੱਤੇ ਦਯਾ ਕਰ! 49ਤਦ ਯਿਸੂ ਨੇ ਖਲੋ ਕੇ ਕਿਹਾ, ਉਹ ਨੂੰ ਬੁਲਾ ਲਿਆਓ। ਸੋ ਉਨ੍ਹਾਂ ਨੇ ਉਸ ਅੰਨ੍ਹੇ ਨੂੰ ਇਹ ਕਹਿ ਕੇ ਬੁਲਾਇਆ ਕਿ ਹੌਂਸਲਾ ਰੱਖ, ਉੱਠ, ਉਹ ਤੈਨੂੰ ਬੁਲਾਉਂਦਾ ਹੈ। 50ਤਾਂ ਉਹ ਆਪਣਾ ਕੱਪੜਾ ਸੁੱਟ ਕੇ ਉੱਠ ਖੜ੍ਹਾ ਹੋਇਆ ਅਤੇ ਯਿਸੂ ਕੋਲ ਆਇਆ। 51ਪ੍ਰਭੂ ਯਿਸੂ ਨੇ ਉਹ ਨੂੰ ਆਖਿਆ, ਤੂੰ ਕੀ ਚਾਹੁੰਦਾ ਹੈਂ ਜੋ ਮੈਂ ਤੇਰੇ ਲਈ ਕਰਾਂ? ਅੰਨ੍ਹੇ ਨੇ ਉਹ ਨੂੰ ਕਿਹਾ, ਪ੍ਰਭੂ ਜੀ ਮੈਂ ਸੁਜਾਖਾ ਹੋ ਜਾਂਵਾਂ! 52ਪ੍ਰਭੂ ਯਿਸੂ ਨੇ ਉਹ ਨੂੰ ਕਿਹਾ, ਜਾ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ, ਅਤੇ ਉਸੇ ਵੇਲੇ ਉਹ ਵੇਖਣ ਲੱਗਾ, ਅਤੇ ਉਸ ਰਾਹ ਵਿੱਚ ਉਹ ਦੇ ਮਗਰ ਤੁਰ ਪਿਆ।
Currently Selected:
ਮਰਕੁਸ 10: IRVPun
Highlight
Copy
Compare
Share
Want to have your highlights saved across all your devices? Sign up or sign in
PNB-IRV
Creative Commons License
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.