ਮਰਕੁਸ 5
5
ਦੁਸ਼ਟ-ਆਤਮਾ ਦੇ ਜਕੜੇ ਹੋਏ ਵਿਅਕਤੀ ਨੂੰ ਚੰਗਾ ਕਰਨਾ
ਮੱਤੀ 8:28-34,; ਲੂਕਾ 8:26-39
1ਉਹ ਝੀਲ ਦੇ ਪਾਰ ਗਿਰਸੇਨੀਆਂ ਦੇ ਦੇਸ ਵਿੱਚ ਪਹੁੰਚੇ। 2ਅਤੇ ਜਦੋਂ ਉਹ ਬੇੜੀ ਤੋਂ ਉਤਰਿਆ ਤਾਂ ਉਸੇ ਵੇਲੇ ਇੱਕ ਮਨੁੱਖ ਜਿਸ ਵਿੱਚ ਅਸ਼ੁੱਧ ਆਤਮਾ ਸੀ ਕਬਰਾਂ ਵਿੱਚੋਂ ਨਿੱਕਲ ਕੇ ਉਹ ਨੂੰ ਆ ਮਿਲਿਆ। 3ਉਹ ਕਬਰਾਂ ਵਿੱਚ ਰਹਿੰਦਾ ਸੀ ਅਤੇ ਕੋਈ ਉਹ ਨੂੰ ਸੰਗਲਾਂ ਨਾਲ ਵੀ ਜਕੜ ਨਹੀਂ ਸੀ ਸਕਦਾ। 4ਉਹ ਤਾਂ ਕਈ ਵਾਰੀ ਬੇੜੀਆਂ ਅਤੇ ਸੰਗਲਾਂ ਨਾਲ ਜਕੜਿਆ ਗਿਆ ਸੀ ਪਰ ਉਹ ਨੇ ਸੰਗਲ ਤੋੜ ਸੁੱਟੇ ਅਤੇ ਬੇੜੀਆਂ ਦੇ ਟੋਟੇ-ਟੋਟੇ ਕਰ ਦਿੱਤੇ ਸਨ ਅਤੇ ਕੋਈ ਵੀ ਉਹ ਨੂੰ ਕਾਬੂ ਨਹੀਂ ਕਰ ਸਕਦਾ ਸੀ। 5ਉਹ ਰਾਤ-ਦਿਨ ਨਿੱਤ ਕਬਰਾਂ ਅਤੇ ਪਹਾੜਾਂ ਵਿੱਚ ਚੀਕਾਂ ਮਾਰਦਾ ਅਤੇ ਆਪਣੇ ਆਪ ਨੂੰ ਪੱਥਰਾਂ ਨਾਲ ਜ਼ਖਮੀ ਕਰਦਾ ਹੁੰਦਾ ਸੀ। 6ਜਦੋਂ ਉਸ ਨੇ ਯਿਸੂ ਨੂੰ ਦੂਰੋਂ ਵੇਖਿਆ ਤਾਂ ਦੌੜ ਕੇ ਆਇਆ ਅਤੇ ਉਹ ਨੂੰ ਮੱਥਾ ਟੇਕਿਆ। 7ਅਤੇ ਉੱਚੀ ਅਵਾਜ਼ ਨਾਲ ਪੁਕਾਰ ਕੇ ਬੋਲਿਆ, ਹੇ ਯਿਸੂ ਅੱਤ ਮਹਾਨ ਪਰਮੇਸ਼ੁਰ ਦੇ ਪੁੱਤਰ, ਤੇਰਾ ਮੇਰੇ ਨਾਲ ਕੀ ਕੰਮ? ਮੈਂ ਤੈਨੂੰ ਪਰਮੇਸ਼ੁਰ ਦੀ ਸਹੁੰ ਦਿੰਦਾ ਹਾਂ, ਮੈਨੂੰ ਦੁੱਖ ਨਾ ਦੇ! 8ਕਿਉਂ ਜੋ ਉਸ ਨੇ ਉਹ ਨੂੰ ਕਿਹਾ ਸੀ ਕਿ ਹੇ ਅਸ਼ੁੱਧ ਆਤਮਾ, ਇਸ ਮਨੁੱਖ ਵਿੱਚੋਂ ਨਿੱਕਲ ਜਾ! 9ਫਿਰ ਯਿਸੂ ਨੇ ਉਹ ਨੂੰ ਪੁੱਛਿਆ, ਤੇਰਾ ਕੀ ਨਾਮ ਹੈ? ਉਹ ਨੇ ਉਸ ਨੂੰ ਕਿਹਾ, ਮੇਰਾ ਨਾਮ ਲਸ਼ਕਰ ਅਰਥਾਤ ਸੈਨਾਂ ਹੈ ਕਿਉਂ ਜੋ ਅਸੀਂ ਬਹੁਤ ਸਾਰੇ ਹਾਂ। 10ਅਤੇ ਉਹ ਨੇ ਉਸ ਦੀ ਬਹੁਤ ਮਿੰਨਤ ਕੀਤੀ ਕਿ ਸਾਨੂੰ ਇਸ ਦੇਸ ਵਿੱਚੋਂ ਨਾ ਕੱਢ! 11ਉੱਥੇ ਪਹਾੜ ਦੇ ਨੇੜੇ ਸੂਰਾਂ ਦਾ ਇੱਕ ਵੱਡਾ ਇੱਜੜ ਚੁੱਗਦਾ ਸੀ। 12ਅਤੇ ਉਨ੍ਹਾਂ ਨੇ ਉਸ ਦੀ ਮਿੰਨਤ ਕੀਤੀ ਕਿ ਸਾਨੂੰ ਸੂਰਾਂ ਵਿੱਚ ਭੇਜ ਦੇ ਤਾਂ ਜੋ ਅਸੀਂ ਉਨ੍ਹਾਂ ਵਿੱਚ ਜਾ ਵੜੀਏ। 13ਅਤੇ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ। ਤਦ ਅਸ਼ੁੱਧ ਆਤਮਾਵਾਂ ਨਿੱਕਲ ਕੇ ਸੂਰਾਂ ਵਿੱਚ ਜਾ ਵੜੇ ਅਤੇ ਸਾਰਾ ਇੱਜੜ ਭੱਜ ਕੇ ਝੀਲ ਵਿੱਚ ਜਾ ਪਿਆ। ਉਹ ਗਿਣਤੀ ਵਿੱਚ ਲੱਗਭੱਗ ਦੋ ਹਜ਼ਾਰ ਸਨ ਅਤੇ ਉਹ ਝੀਲ ਵਿੱਚ ਡੁੱਬ ਕੇ ਮਰ ਗਏ। 14ਤਦ ਉਨ੍ਹਾਂ ਦੇ ਚੁਗਾਉਣ ਵਾਲਿਆਂ ਨੇ ਭੱਜ ਕੇ ਨਗਰ ਅਤੇ ਪਿੰਡਾਂ ਵਿੱਚ ਖ਼ਬਰ ਪੁਚਾਈ ਅਤੇ ਲੋਕ ਇਹ ਵੇਖਣ ਲਈ ਨਿੱਕਲੇ ਜੋ ਕੀ ਹੋਇਆ ਹੈ। 15ਅਤੇ ਯਿਸੂ ਦੇ ਕੋਲ ਆਣ ਕੇ ਉਸ ਭੂਤ ਵਾਲੇ ਨੂੰ ਜਿਸ ਉੱਤੇ ਲਸ਼ਕਰ ਦਾ ਸਾਯਾ ਸੀ ਕੱਪੜੇ ਪਹਿਨੀ ਅਤੇ ਸੁਰਤ ਸਮ੍ਹਾਲੀ ਬੈਠਾ ਵੇਖਿਆ ਅਤੇ ਉਹ ਡਰ ਗਏ। 16ਤਾਂ ਵੇਖਣ ਵਾਲਿਆਂ ਨੇ ਉਸ ਦੁਸ਼ਟ ਆਤਮਾ ਵਾਲੇ ਦਾ ਅਤੇ ਸੂਰਾਂ ਦਾ ਸਾਰਾ ਹਾਲ ਉਨ੍ਹਾਂ ਨੂੰ ਦੱਸਿਆ। 17ਤਦ ਉਹ ਯਿਸੂ ਦੀ ਮਿੰਨਤ ਕਰਨ ਲੱਗੇ ਜੋ ਸਾਡੀ ਹੱਦੋਂ ਬਾਹਰ ਨਿੱਕਲ ਜਾਓ। 18ਅਤੇ ਜਦੋਂ ਉਹ ਬੇੜੀ ਉੱਤੇ ਚੜ੍ਹਨ ਲੱਗਾ ਤਾਂ ਉਸ ਭੂਤ ਵਾਲੇ ਨੇ ਉਸ ਦੇ ਨਾਲ ਰਹਿਣ ਲਈ ਬੇਨਤੀ ਕੀਤੀ। 19ਪਰ ਉਸ ਨੇ ਉਹ ਨੂੰ ਆਗਿਆ ਨਾ ਦਿੱਤੀ ਪਰ ਉਹ ਨੂੰ ਆਖਿਆ, ਆਪਣੇ ਘਰ ਅਤੇ ਆਪਣੇ ਲੋਕਾਂ ਕੋਲ ਜਾ ਅਤੇ ਉਨ੍ਹਾਂ ਨੂੰ ਦੱਸ ਜੋ ਪ੍ਰਭੂ ਨੇ ਤੇਰੇ ਲਈ ਕਿੰਨੇ ਵੱਡੇ ਕੰਮ ਕੀਤੇ ਹਨ ਅਤੇ ਤੇਰੇ ਉੱਤੇ ਦਯਾ ਕੀਤੀ। 20ਤਾਂ ਉਹ ਚੱਲਿਆ ਗਿਆ ਅਤੇ ਦਿਕਾਪੁਲਿਸ ਵਿੱਚ ਦੱਸਣ ਲੱਗਾ ਜੋ ਯਿਸੂ ਨੇ ਮੇਰੇ ਲਈ ਕਿੰਨੇ ਵੱਡੇ ਕੰਮ ਕੀਤੇ ਤਾਂ ਸਾਰੇ ਲੋਕ ਹੈਰਾਨ ਹੋਏ।
ਯਿਸੂ ਇੱਕ ਮਰੀ ਹੋਈ ਕੁੜੀ ਨੂੰ ਜਿਵਾਉਂਦਾ ਹੈ ਅਤੇ ਇੱਕ ਬਿਮਾਰ ਔਰਤ ਨੂੰ ਚੰਗਾ ਕਰਦਾ ਹੈ
ਮੱਤੀ 9:18-26; ਲੂਕਾ 8:40-56
21ਜਦ ਯਿਸੂ ਬੇੜੀ ਉੱਤੇ ਫੇਰ ਪਾਰ ਲੰਘਿਆ ਤਾਂ ਇੱਕ ਵੱਡੀ ਭੀੜ ਉਸ ਕੋਲ ਇਕੱਠੀ ਹੋਈ ਅਤੇ ਉਹ ਝੀਲ ਦੇ ਕਿਨਾਰੇ ਉੱਤੇ ਸੀ। 22ਅਤੇ ਪ੍ਰਾਰਥਨਾ ਘਰ ਦੇ ਸਰਦਾਰਾਂ ਵਿੱਚੋਂ ਜੈਰੁਸ ਨਾਮ ਦਾ ਇੱਕ ਮਨੁੱਖ ਆਇਆ ਅਤੇ ਉਹ ਨੂੰ ਵੇਖ ਕੇ ਉਹ ਦੇ ਪੈਰੀਂ ਪੈ ਗਿਆ। 23ਅਤੇ ਉਹ ਦੀ ਬਹੁਤ ਮਿੰਨਤ ਕੀਤੀ ਜੋ ਮੇਰੀ ਛੋਟੀ ਬੇਟੀ ਬਿਮਾਰੀ ਦੇ ਕਾਰਨ ਮਰਨ ਵਾਲੀ ਹੈ, ਤੁਸੀਂ ਚੱਲ ਕੇ ਉਹ ਦੇ ਉੱਤੇ ਆਪਣੇ ਹੱਥ ਰੱਖੋ ਤਾਂ ਜੋ ਉਹ ਚੰਗੀ ਹੋ ਜਾਵੇ ਅਤੇ ਜਿਉਂਦੀ ਰਹੇ। 24ਤਦ ਉਹ ਉਸ ਦੇ ਨਾਲ ਗਿਆ ਅਤੇ ਵੱਡੀ ਭੀੜ ਉਹ ਦੇ ਮਗਰ ਤੁਰ ਪਈ ਅਤੇ ਉਹ ਨੂੰ ਦਬਾਈ ਜਾਂਦੀ ਸੀ।
25ਤਦ ਇੱਕ ਔਰਤ ਜਿਸ ਨੂੰ ਬਾਰਾਂ ਸਾਲਾਂ ਤੋਂ ਲਹੂ ਵਹਿਣ ਦਾ ਰੋਗ ਸੀ 26ਅਤੇ ਜਿਹਨੇ ਬਹੁਤ ਹਕੀਮਾਂ ਦੇ ਹੱਥੋਂ ਵੱਡਾ ਦੁੱਖ ਪਾਇਆ ਅਤੇ ਆਪਣਾ ਸਭ ਕੁਝ ਖ਼ਰਚ ਕਰ ਦਿੱਤਾ ਸੀ ਪਰ ਕੁਝ ਵੀ ਅਰਾਮ ਨਾ ਪਾਇਆ ਸਗੋਂ ਉਹ ਦਾ ਹੋਰ ਵੀ ਮਾੜਾ ਹਾਲ ਹੋ ਗਿਆ ਸੀ, 27ਉਹ ਯਿਸੂ ਦੀ ਖ਼ਬਰ ਸੁਣ ਕੇ ਭੀੜ ਵਿੱਚ ਪਿੱਛੋਂ ਦੀ ਹੋ ਕੇ ਆਈ ਅਤੇ ਉਹ ਦੇ ਕੱਪੜੇ ਦਾ ਪੱਲਾ ਛੂਹ ਲਿਆ। 28ਕਿਉਂ ਜੋ ਉਹ ਆਪਣੇ ਮਨ ਵਿੱਚ ਆਖਦੀ ਸੀ, ਜੇ ਮੈਂ ਕੇਵਲ ਉਹ ਦੇ ਕੱਪੜੇ ਨੂੰ ਹੀ ਛੂਹ ਲਵਾਂ ਤਾਂ ਚੰਗੀ ਹੋ ਜਾਂਵਾਂਗੀ। 29ਅਤੇ ਤੁਰੰਤ ਉਸ ਦੇ ਲਹੂ ਦਾ ਵਹਿਣਾ ਬੰਦ ਹੋ ਗਿਆ ਅਤੇ ਉਸ ਨੇ ਆਪਣੇ ਸਰੀਰ ਵਿੱਚ ਮਲੂਮ ਕਰ ਲਿਆ ਜੋ ਮੈਂ ਇਸ ਬਿਮਾਰੀ ਤੋਂ ਚੰਗੀ ਹੋ ਗਈ। 30ਅਤੇ ਯਿਸੂ ਨੇ ਉਸ ਸਮੇਂ ਆਪਣੇ ਮਨ ਵਿੱਚ ਜਾਣ ਕੇ ਜੋ ਮੇਰੇ ਵਿੱਚੋਂ ਸਮਰੱਥਾ ਨਿੱਕਲੀ ਹੈ ਉਸ ਭੀੜ ਦੀ ਵੱਲ ਮੁੜ ਕੇ ਕਿਹਾ, ਮੇਰੇ ਕੱਪੜੇ ਨੂੰ ਕਿਸ ਨੇ ਛੂਹਿਆ? 31ਉਹ ਦੇ ਚੇਲਿਆਂ ਨੇ ਉਹ ਨੂੰ ਆਖਿਆ, ਤੁਸੀਂ ਵੇਖਦੇ ਹੀ ਹੋ ਜੋ ਲੋਕ ਤੁਹਾਡੇ ਉੱਤੇ ਡਿੱਗਦੇ ਜਾਂਦੇ ਹਨ, ਅਤੇ ਤੁਸੀਂ ਆਖਦੇ ਹੋ, ਮੈਨੂੰ ਕਿਸ ਨੇ ਛੂਹਿਆ? 32ਅਤੇ ਉਸ ਨੇ ਇੱਧਰ-ਉੱਧਰ ਨਿਗਾਹ ਕੀਤੀ ਕਿ ਇਸ ਕੰਮ ਦੇ ਕਰਨ ਵਾਲੇ ਨੂੰ ਵੇਖੇ। 33ਤਦ ਉਹ ਔਰਤ ਜੋ ਕੁਝ ਉਸ ਉੱਤੇ ਬੀਤਿਆ ਸੀ ਜਾਣ ਕੇ ਕੰਬਦੀ ਹੋਈ ਆਈ ਅਤੇ ਉਹ ਦੇ ਚਰਨਾਂ ਉੱਤੇ ਡਿੱਗ ਕੇ ਸਾਰੀ ਵਾਰਤਾ ਉਹ ਨੂੰ ਦੱਸ ਦਿੱਤੀ। 34ਤਾਂ ਉਹ ਨੇ ਉਸ ਨੂੰ ਆਖਿਆ, ਬੇਟੀ ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ, ਸ਼ਾਂਤੀ ਨਾਲ ਚਲੀ ਜਾ ਅਤੇ ਆਪਣੀ ਬਿਮਾਰੀ ਤੋਂ ਬਚੀ ਰਹਿ।
35ਉਹ ਇਹ ਗੱਲ ਕਰ ਹੀ ਰਿਹਾ ਸੀ ਕਿ ਪ੍ਰਾਰਥਨਾ ਘਰ ਦੇ ਸਰਦਾਰ ਦੇ ਘਰੋਂ ਲੋਕਾਂ ਨੇ ਆਣ ਕੇ ਆਖਿਆ, ਤੇਰੀ ਧੀ ਮਰ ਗਈ, ਗੁਰੂ ਜੀ ਨੂੰ ਕਿਉਂ ਖੇਚਲ ਪਾਉਂਦਾ ਹੈਂ? 36ਪਰ ਯਿਸੂ ਨੇ ਉਸ ਗੱਲ ਦੀ ਜੋ ਉਹ ਆਖਦੇ ਸਨ ਪਰਵਾਹ ਨਾ ਕਰ ਕੇ ਪ੍ਰਾਰਥਨਾ ਘਰ ਦੇ ਸਰਦਾਰ ਨੂੰ ਆਖਿਆ, ਨਾ ਡਰ ਕੇਵਲ ਵਿਸ਼ਵਾਸ ਕਰ। 37ਤਾਂ ਉਸ ਨੇ ਪਤਰਸ ਅਤੇ ਯਾਕੂਬ ਅਤੇ ਯਾਕੂਬ ਦੇ ਭਰਾ ਯੂਹੰਨਾ ਦੇ ਬਿਨ੍ਹਾਂ ਹੋਰ ਕਿਸੇ ਨੂੰ ਆਪਣੇ ਨਾਲ ਆਉਣ ਨਾ ਦਿੱਤਾ। 38ਅਤੇ ਜਦ ਉਹ ਪ੍ਰਾਰਥਨਾ ਘਰ ਦੇ ਸਰਦਾਰ ਦੇ ਘਰ ਪਹੁੰਚੇ ਤਦ ਉਸ ਨੇ ਰੌਲ਼ਾ ਪਾਉਂਦੇ ਹੋਏ ਅਤੇ ਲੋਕਾਂ ਨੂੰ ਬਹੁਤ ਰੋਂਦੇ ਕੁਰਲਾਉਂਦੇ ਹੋਏ ਵੇਖਿਆ। 39ਅਤੇ ਅੰਦਰ ਜਾ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਉਂ ਰੌਲ਼ਾ ਪਾਉਂਦੇ ਅਤੇ ਰੋਂਦੇ ਹੋ? ਕੁੜੀ ਮਰੀ ਨਹੀਂ ਪਰ ਸੁੱਤੀ ਪਈ ਹੈ। 40ਤਾਂ ਉਹ ਉਸ ਉੱਤੇ ਹੱਸੇ। ਪਰ ਉਹ ਸਭਨਾਂ ਨੂੰ ਬਾਹਰ ਕੱਢ ਕੇ ਕੁੜੀ ਦੇ ਮਾਂ ਪਿਉ ਅਤੇ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਜਿੱਥੇ ਕੁੜੀ ਸੀ ਉੱਥੇ ਅੰਦਰ ਗਿਆ। 41ਅਤੇ ਉਸ ਨੇ ਕੁੜੀ ਦਾ ਹੱਥ ਫੜ੍ਹ ਕੇ ਉਹ ਨੂੰ ਕਿਹਾ “ਤਲੀਥਾ ਕੂਮੀ” ਜਿਹ ਦਾ ਅਰਥ ਇਹ ਹੈ ਕਿ ਹੇ ਕੰਨਿਆ, ਮੈਂ ਤੈਨੂੰ ਆਖਦਾ ਹਾਂ, ਉੱਠ! 42ਉਹ ਕੁੜੀ ਉਸੇ ਵੇਲੇ ਉੱਠ ਖੜੀ ਹੋਈ ਅਤੇ ਤੁਰਨ ਫਿਰਨ ਲੱਗੀ ਕਿਉਂ ਜੋ ਉਹ ਬਾਰਾਂ ਸਾਲਾਂ ਦੀ ਸੀ ਅਤੇ ਇਸ ਗੱਲ ਤੋਂ ਲੋਕ ਵੱਡੇ ਅਚੰਭੇ ਵਿੱਚ ਆਣ ਕੇ ਹੈਰਾਨ ਹੋ ਗਏ। 43ਅਤੇ ਉਸ ਨੇ ਉਨ੍ਹਾਂ ਨੂੰ ਹੁਕਮ ਕੀਤਾ, ਕੋਈ ਇਹ ਗੱਲ ਨਾ ਜਾਣੇ ਅਤੇ ਆਖਿਆ ਕਿ ਉਸ ਨੂੰ ਕੁਝ ਖਾਣ ਲਈ ਦਿੱਤਾ ਜਾਏ।
Currently Selected:
ਮਰਕੁਸ 5: IRVPun
Highlight
Copy
Compare
Share
Want to have your highlights saved across all your devices? Sign up or sign in
PNB-IRV
Creative Commons License
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.