ਗਿਣਤੀ 4
4
ਲੇਵੀਆਂ ਦੇ ਕਹਾਥੀ ਕੁਲ ਦੇ ਕਰਤੱਬ
1ਯਹੋਵਾਹ ਮੂਸਾ ਅਤੇ ਹਾਰੂਨ ਨੂੰ ਬੋਲਿਆ, 2ਲੇਵੀਆਂ ਦੇ ਵਿੱਚੋਂ ਕਹਾਥੀਆਂ ਦੀ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਗਿਣਤੀ ਕਰੋ। 3ਤੀਹ ਸਾਲ ਤੋਂ ਪੰਜਾਹ ਸਾਲ ਤੱਕ ਸਾਰੇ ਜਿਹੜੇ ਸੇਵਾ ਕਰਨ ਯੋਗ ਹੋਣ, ਉਹ ਮਿਲਾਪ ਵਾਲੇ ਤੰਬੂ ਦੀ ਟਹਿਲ ਸੇਵਾ ਕਰਨ। 4ਕਹਾਥੀਆਂ ਦੀ ਸੇਵਾ ਮਿਲਾਪ ਵਾਲੇ ਤੰਬੂ ਵਿੱਚ ਅੱਤ ਪਵਿੱਤਰ ਚੀਜ਼ਾਂ ਵਿਖੇ ਇਹ ਹੈ। 5ਹਾਰੂਨ ਅਤੇ ਉਸ ਦੇ ਪੁੱਤਰ ਕੂਚ ਦੇ ਵੇਲੇ ਅੰਦਰ ਜਾਣ ਅਤੇ ਪਵਿੱਤਰ ਸਥਾਨ ਅਤੇ ਅੱਤ ਪਵਿੱਤਰ ਸਥਾਨ ਦਾ ਪਰਦਾ ਲਾਹੁਣ ਅਤੇ ਉਸ ਵਿੱਚ ਸਾਖੀ ਦੇ ਸੰਦੂਕ ਨੂੰ ਲਪੇਟਣ। 6ਨਾਲੇ ਸਮੁੰਦਰੀ ਜੀਵ ਦੀਆਂ ਖੱਲਾਂ ਦਾ ਪਰਦਾ ਉਸ ਉੱਤੇ ਰੱਖਣ ਅਤੇ ਉਸ ਉੱਤੇ ਨੀਲੇ ਰੰਗ ਦਾ ਕੱਪੜਾ ਵਿਛਾਉਣ ਅਤੇ ਉਸ ਦੇ ਡੰਡੇ ਪਾਉਣ। 7ਫੇਰ ਹਜ਼ੂਰੀ ਦੀ ਰੋਟੀ ਦੀ ਮੇਜ਼ ਉੱਤੇ ਨੀਲਾ ਕੱਪੜਾ ਵਿਛਾਉਣ ਅਤੇ ਉਸ ਉੱਤੇ ਥਾਲੀਆਂ, ਕੌਲੀਆਂ, ਗੜ੍ਹਵੇ ਅਤੇ ਭੇਟਾਂ ਵਰਤਾਉਣ ਵਾਲੇ ਕੜਛੇ ਰੱਖਣ ਅਤੇ ਸਦਾ ਕਾਲ ਦੀ ਰੋਟੀ ਉਸ ਉੱਤੇ ਪਈ ਰਹੇ। 8ਉਨ੍ਹਾਂ ਦੇ ਉੱਤੇ ਕਿਰਮਚੀ ਕੱਪੜੇ ਵਿਛਾਉਣ ਅਤੇ ਉਸ ਨੂੰ ਸਮੁੰਦਰੀ ਜੀਵ ਦੀਆਂ ਖੱਲਾਂ ਦੇ ਨਾਲ ਕੱਜਣ ਅਤੇ ਉਸ ਦੀਆਂ ਚੋਬਾਂ ਪਾਉਣ। 9ਫੇਰ ਉਹ ਨੀਲਾ ਕੱਪੜਾ ਲੈ ਕੇ ਚਾਨਣ ਦੇਣ ਵਾਲਾ ਸ਼ਮਾਦਾਨ ਢੱਕਣ ਨਾਲੇ ਉਸ ਦੇ ਦੀਵੇ, ਉਸ ਦੇ ਗੁਲਤਰਾਸ਼, ਉਸ ਦੇ ਗੁਲਦਾਨ ਅਤੇ ਉਸ ਦੇ ਸਾਰੇ ਤੇਲ ਵਾਲੇ ਭਾਂਡੇ ਜਿਨ੍ਹਾਂ ਨਾਲ ਉਹ ਉਸ ਦੀ ਸੇਵਾ ਕਰਦੇ ਹਨ। 10ਤਦ ਉਸ ਦੇ ਸਾਰੇ ਸਮਾਨ ਸਮੇਤ ਸਮੁੰਦਰੀ ਜੀਵ ਦੀਆਂ ਖੱਲਾਂ ਦੇ ਵਿੱਚ ਰੱਖਣ ਅਤੇ ਉਹ ਉਸ ਨੂੰ ਚੋਬਾਂ ਉੱਤੇ ਧਰਨ। 11ਸੋਨੇ ਦੀ ਜਗਵੇਦੀ ਉੱਤੇ ਨੀਲਾ ਕੱਪੜਾ ਵਿਛਾਉਣ ਅਤੇ ਉਸ ਨੂੰ ਬੱਕਰਿਆਂ ਦੀਆਂ ਖੱਲਾਂ ਦੇ ਢੱਕਣ ਨਾਲ ਢੱਕ ਦੇਣ ਅਤੇ ਉਸ ਦੇ ਡੰਡੇ ਪਾਉਣ। 12ਫੇਰ ਉਹ ਉਪਾਸਨਾ ਦੀ ਸੇਵਾ ਦੇ ਸਾਰੇ ਭਾਂਡੇ, ਜਿਨ੍ਹਾਂ ਨਾਲ ਉਹ ਪਵਿੱਤਰ ਸਥਾਨ ਵਿੱਚ ਉਪਾਸਨਾ ਕਰਦੇ ਹਨ ਲੈ ਕੇ ਨੀਲੇ ਕੱਪੜੇ ਵਿੱਚ ਪਾਉਣ ਅਤੇ ਉਨ੍ਹਾਂ ਨੂੰ ਸਮੁੰਦਰੀ ਜੀਵ ਦੀਆਂ ਖੱਲਾਂ ਦੇ ਵਿੱਚ ਕੱਜਣ ਅਤੇ ਉਨ੍ਹਾਂ ਨੂੰ ਡੰਡੇ ਉੱਤੇ ਰੱਖਣ। 13ਤਦ ਉਹ ਜਗਵੇਦੀ ਦੀ ਸੁਆਹ ਕੱਢ ਕੇ ਉਸ ਉੱਤੇ ਬੈਂਗਣੀ ਕੱਪੜਾ ਵਿਛਾਉਣ। 14ਅਤੇ ਉਸ ਉੱਤੇ ਸਾਰੇ ਭਾਂਡੇ ਰੱਖਣ ਜਿਨ੍ਹਾਂ ਨਾਲ ਉਹ ਉਸ ਉੱਤੇ ਉਪਾਸਨਾ ਕਰਦੇ ਹਨ ਅਰਥਾਤ ਅੰਗੀਠੀਆਂ, ਕਾਂਟੇ, ਕੜਛੇ, ਬਾਟੀਆਂ ਅਤੇ ਜਗਵੇਦੀ ਦਾ ਸਾਰਾ ਸਮਾਨ ਅਤੇ ਉਹ ਦੇ ਉੱਤੇ ਬੱਕਰਿਆਂ ਦੀਆਂ ਖੱਲਾਂ ਵਿਛਾਉਣ ਅਤੇ ਉਸ ਦੀਆਂ ਚੋਬਾਂ ਪਾਉਣ। 15ਜਦ ਹਾਰੂਨ ਅਤੇ ਉਸ ਦੇ ਪੁੱਤਰ ਪਵਿੱਤਰ ਸਥਾਨ ਅਤੇ ਉਸ ਦੇ ਸਾਰੇ ਸਮਾਨ ਨੂੰ ਢੱਕਣ ਦਾ ਕੰਮ ਕਰ ਚੁੱਕਣ ਅਤੇ ਜਦ ਡੇਰੇ ਦਾ ਕੂਚ ਹੋਣ ਵਾਲਾ ਹੋਵੇ, ਉਦੋਂ ਹੀ ਕਹਾਥੀ ਆਣ ਕੇ ਉਹ ਨੂੰ ਚੁੱਕਣ ਪਰ ਉਹ ਕਿਸੇ ਪਵਿੱਤਰ ਵਸਤੂ ਨੂੰ ਨਾ ਛੂਹਣ ਅਜਿਹਾ ਨਾ ਹੋਵੇ ਕਿ ਉਹ ਮਰ ਜਾਣ! ਮੰਡਲੀ ਦੇ ਤੰਬੂ ਵਿੱਚੋਂ ਕਹਾਥੀਆਂ ਲਈ ਇਹ ਭਾਰ ਉਠਾਉਣ ਲਈ ਇਹ ਹੀ ਵਸਤਾਂ ਹਨ।
16ਹਾਰੂਨ ਜਾਜਕ ਦੇ ਪੁੱਤਰ ਅਲਆਜ਼ਾਰ ਦੀ ਇਹ ਜ਼ਿੰਮੇਵਾਰੀ ਹੈ ਕਿ ਚਾਨਣ ਕਰਨ ਲਈ ਤੇਲ, ਸੁਗੰਧੀ ਧੂਪ, ਸਦਾ ਕਾਲ ਦੀ ਮੈਦੇ ਦੀ ਭੇਟ ਅਤੇ ਮਸਹ ਕਰਨ ਦਾ ਤੇਲ ਅਰਥਾਤ ਸਾਰੇ ਡੇਰੇ ਦੀ ਅਤੇ ਜੋ ਕੁਝ ਉਸ ਵਿੱਚ ਹੈ, ਅਤੇ ਪਵਿੱਤਰ ਸਥਾਨ ਅਤੇ ਉਸ ਦੇ ਸਮਾਨ ਦੀ ਦੇਖਭਾਲ ਕਰੇ।
17ਫੇਰ ਯਹੋਵਾਹ ਮੂਸਾ ਅਤੇ ਹਾਰੂਨ ਨੂੰ ਬੋਲਿਆ, 18ਤੁਸੀਂ ਕਹਾਥੀਆਂ ਦੇ ਟੱਬਰਾਂ ਦੇ ਗੋਤਾਂ ਨੂੰ ਲੇਵੀਆਂ ਦੇ ਵਿੱਚੋਂ ਨਾਸ ਨਾ ਹੋਣ ਦੇਣਾ। 19ਪਰ ਤੁਸੀਂ ਉਨ੍ਹਾਂ ਲਈ ਇਹ ਕਰੋ ਜਦ ਉਹ ਅੱਤ ਪਵਿੱਤਰ ਚੀਜ਼ਾਂ ਕੋਲ ਜਾਣ ਤਦ ਉਹ ਨਾ ਮਰਨ ਪਰ ਜੀਉਂਦੇ ਰਹਿਣ। ਤਦ ਹਾਰੂਨ ਅਤੇ ਉਸ ਦੇ ਪੁੱਤਰ ਅੰਦਰ ਜਾ ਕੇ ਉਨ੍ਹਾਂ ਦੇ ਹਰ ਇੱਕ ਮਨੁੱਖ ਲਈ ਉਸ ਦੀ ਟਹਿਲ ਸੇਵਾ ਅਤੇ ਉਹਨਾਂ ਦਾ ਭਾਰ ਠਹਿਰਾਉਣ। 20ਉਹ ਇੱਕ ਪਲ ਲਈ ਵੀ ਅੰਦਰ ਜਾ ਕੇ ਪਵਿੱਤਰ ਸਥਾਨ ਨੂੰ ਨਾ ਵੇਖਣ ਕਿਤੇ ਅਜਿਹਾ ਨਾ ਹੋਵੇ ਕਿ ਉਹ ਮਰ ਜਾਣ।
ਲੇਵੀਆਂ ਗੇਰਸ਼ੋਨੀ ਕੁਲ ਦੇ ਕਰਤੱਬ
21ਯਹੋਵਾਹ ਨੇ ਮੂਸਾ ਨੂੰ ਆਖਿਆ, 22ਗੇਰਸ਼ੋਨੀਆਂ ਦੀ ਵੀ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਤੇ ਟੱਬਰਾਂ ਅਨੁਸਾਰ ਗਿਣਤੀ ਕਰ। 23ਤੀਹ ਸਾਲ ਤੋਂ ਉੱਪਰ ਪੰਜਾਹ ਸਾਲ ਤੱਕ ਤੂੰ ਉਨ੍ਹਾਂ ਨੂੰ ਗਿਣ, ਉਹ ਸਾਰੇ ਜਿਹੜੇ ਟਹਿਲ ਸੇਵਾ ਕਰਨ ਯੋਗ ਹੋਣ ਤਾਂ ਜੋ ਉਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ। 24ਗੇਰਸ਼ੋਨੀਆਂ ਦੇ ਟੱਬਰਾਂ ਦੀ ਟਹਿਲ ਸੇਵਾ ਅਰਥਾਤ ਭਾਰ ਚੁੱਕਣ ਦੀ ਟਹਿਲ ਸੇਵਾ ਇਹ ਹੈ, 25ਉਹ ਡੇਰੇ ਦੇ ਪਰਦਿਆਂ ਨੂੰ ਚੁੱਕਣ ਨਾਲੇ ਮੰਡਲੀ ਦਾ ਤੰਬੂ, ਉਸ ਦੇ ਢੱਕਣ ਸਣੇ ਅਤੇ ਸਮੁੰਦਰੀ ਜੀਵ ਦੀਆਂ ਖੱਲਾਂ ਦਾ ਢੱਕਣ ਜਿਹੜਾ ਉਸ ਉੱਤੇ ਹੈ ਅਤੇ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਦਾ ਪਰਦਾ। 26ਅਤੇ ਵਿਹੜੇ ਦੀਆਂ ਕਨਾਤਾਂ ਤੇ ਵਿਹੜੇ ਦੇ ਫਾਟਕ ਦੇ ਦਰਵਾਜ਼ੇ ਦਾ ਪਰਦਾ ਜਿਹੜੀ ਡੇਰੇ ਅਤੇ ਜਗਵੇਦੀ ਦੇ ਕੋਲ ਆਲੇ-ਦੁਆਲੇ ਹੈ ਅਤੇ ਉਨ੍ਹਾਂ ਦੀਆਂ ਡੋਰੀਆਂ ਅਤੇ ਉਨ੍ਹਾਂ ਦੀ ਸੇਵਾ ਦਾ ਸਾਰਾ ਸਮਾਨ ਅਤੇ ਸਭ ਕੁਝ ਜੋ ਉਨ੍ਹਾਂ ਲਈ ਕਰਨਾ ਹੋਵੇ ਸੋ ਉਹ ਇਹ ਟਹਿਲ ਸੇਵਾ ਕਰਨ। 27ਇਸ ਤਰ੍ਹਾਂ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਹੁਕਮ ਨਾਲ ਗੇਰਸ਼ੋਨੀਆਂ ਦੀ ਸਾਰੀ ਟਹਿਲ ਸੇਵਾ ਹੋਵੇ ਅਰਥਾਤ ਉਨ੍ਹਾਂ ਦਾ ਸਾਰਾ ਭਾਰ ਅਤੇ ਟਹਿਲ ਸੇਵਾ। ਇਸ ਤਰ੍ਹਾਂ ਤੁਸੀਂ ਉਨ੍ਹਾਂ ਉੱਤੇ ਉਨ੍ਹਾਂ ਦੇ ਸਾਰੇ ਕੰਮਾਂ ਦੀ ਜ਼ਿੰਮੇਵਾਰੀ ਠਹਿਰਾਓ। 28ਮੰਡਲੀ ਦੇ ਤੰਬੂ ਵਿੱਚ ਇਹ ਗੇਰਸ਼ੋਨੀਆਂ ਦੇ ਟੱਬਰਾਂ ਦੀ ਟਹਿਲ ਸੇਵਾ ਹੋਵੇਗੀ ਅਤੇ ਹਾਰੂਨ ਜਾਜਕ ਦੇ ਪੁੱਤਰ ਈਥਾਮਾਰ ਦੇ ਇਖ਼ਤਿਆਰ ਵਿੱਚ ਉਨ੍ਹਾਂ ਦੀ ਦੇਖਭਾਲ ਹੋਵੇਗੀ।
ਲੇਵੀਆਂ ਦੇ ਮਰਾਰੀ ਕੁਲ ਦੇ ਕਰਤੱਬ
29ਮਰਾਰੀਆਂ ਨੂੰ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਗਿਣਤੀ ਕਰਨਾ। 30ਤੀਹ ਸਾਲ ਤੋਂ ਉੱਪਰ ਪੰਜਾਹ ਸਾਲ ਤੱਕ ਤੂੰ ਉਹਨਾਂ ਨੂੰ ਗਿਣ, ਉਹ ਸਾਰੇ ਜਿਹੜੇ ਟਹਿਲ ਸੇਵਾ ਕਰਨ ਯੋਗ ਹੋਣ ਤਾਂ ਜੋ ਉਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ। 31ਭਾਰਾਂ ਲਈ ਮੰਡਲੀ ਦੇ ਤੰਬੂ ਵਿੱਚ ਉਨ੍ਹਾਂ ਦੀ ਸਾਰੀ ਜ਼ਿੰਮੇਵਾਰੀ ਇਹ ਹੈ, ਡੇਰੇ ਦੀਆਂ ਫੱਟੀਆਂ, ਉਸ ਦੇ ਹੋੜੇ, ਉਸ ਦੀਆਂ ਥੰਮ੍ਹੀਆਂ, ਉਸ ਦੀਆਂ ਚੀਥੀਆਂ। 32ਨਾਲੇ ਵਿਹੜੇ ਦੇ ਆਲੇ-ਦੁਆਲੇ ਦੀਆਂ ਥੰਮ੍ਹੀਆਂ, ਉਨ੍ਹਾਂ ਦੀਆਂ ਚੀਥੀਆਂ, ਉਨ੍ਹਾਂ ਦੀਆਂ ਕੀਲੀਆਂ, ਉਨ੍ਹਾਂ ਦੀਆਂ ਡੋਰੀਆਂ, ਉਨ੍ਹਾਂ ਦਾ ਸਾਰਾ ਸਮਾਨ ਅਤੇ ਉਨ੍ਹਾਂ ਦੀ ਸਾਰੀ ਟਹਿਲ ਸੇਵਾ। ਤੁਸੀਂ ਨਾਮਾਂ ਅਨੁਸਾਰ ਸਮਾਨ ਚੁੱਕਣ ਲਈ ਉਹਨਾਂ ਦੀ ਜ਼ਿੰਮੇਵਾਰੀ ਠਹਿਰਾਓ। 33ਇਹ ਮਰਾਰੀਆਂ ਦੇ ਟੱਬਰਾਂ ਦੀ ਟਹਿਲ ਸੇਵਾ ਮੰਡਲੀ ਦੇ ਤੰਬੂ ਵਿੱਚ ਉਨ੍ਹਾਂ ਦੀ ਸਾਰੀ ਟਹਿਲ ਸੇਵਾ ਅਨੁਸਾਰ ਹੋਵੇ ਅਤੇ ਹਾਰੂਨ ਜਾਜਕ ਦੇ ਪੁੱਤਰ ਈਥਾਮਾਰ ਦੇ ਹੱਥ ਵਿੱਚ ਹੋਵੇ।
ਲੇਵੀਆਂ ਦੀ ਮਰਦਸ਼ੁਮਾਰੀ
34ਫੇਰ ਮੂਸਾ ਅਤੇ ਹਾਰੂਨ ਅਤੇ ਮੰਡਲੀ ਦੇ ਪ੍ਰਧਾਨਾਂ ਨੇ ਕਹਾਥੀਆਂ ਨੇ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਗਿਣਿਆ। 35ਤੀਹ ਸਾਲ ਤੋਂ ਉੱਪਰ ਪੰਜਾਹ ਸਾਲ ਤੱਕ ਸਾਰੇ ਜਿਹੜੇ ਸੇਵਾ ਕਰਨ ਯੋਗ ਹੋਣ ਉਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ। 36ਇਹ ਉਹ ਹਨ ਜਿਹੜੇ ਆਪਣੇ ਘਰਾਣਿਆਂ ਅਨੁਸਾਰ ਗਿਣੇ ਗਏ, ਦੋ ਹਜ਼ਾਰ ਸੱਤ ਸੌ ਪੰਜਾਹ ਸਨ। 37ਕਹਾਥੀਆਂ ਦੇ ਟੱਬਰਾਂ ਦੇ ਜਿਹੜੇ ਗਿਣੇ ਗਏ ਏਹੋ ਹੀ ਸਨ ਅਰਥਾਤ ਸਾਰੇ ਜਿਹੜੇ ਮੰਡਲੀ ਦੇ ਤੰਬੂ ਵਿੱਚ ਟਹਿਲ ਸੇਵਾ ਕਰਦੇ ਸਨ ਜਿਨ੍ਹਾਂ ਨੂੰ ਮੂਸਾ ਅਤੇ ਹਾਰੂਨ ਨੇ ਯਹੋਵਾਹ ਦੇ ਹੁਕਮ ਨਾਲ ਮੂਸਾ ਦੇ ਰਾਹੀਂ ਗਿਣਿਆ।
38ਗੇਰਸ਼ੋਨੀ ਜਿਹੜੇ ਆਪਣੇ ਟੱਬਰਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਗਿਣੇ ਗਏ। 39ਤੀਹ ਸਾਲ ਤੋਂ ਉੱਪਰ ਪੰਜਾਹ ਸਾਲ ਤੱਕ ਸਾਰੇ ਜਿਹੜੇ ਸੇਵਾ ਕਰਨ ਯੋਗ ਹੋਣ ਕਿ ਉਹ ਮੰਡਲੀ ਦੇ ਤੰਬੂ ਵਿੱਚ ਟਹਿਲ ਸੇਵਾ ਕਰਨ। 40ਅਤੇ ਉਹ ਜਿਹੜੇ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਗਿਣੇ ਗਏ ਦੋ ਹਜ਼ਾਰ ਛੇ ਸੌ ਤੀਹ ਸਨ। 41ਗੇਰਸ਼ੋਨੀਆਂ ਦੇ ਟੱਬਰਾਂ ਦੇ ਜਿਹੜੇ ਗਿਣੇ ਗਏ ਏਹੋ ਹੀ ਸਨ ਅਰਥਾਤ ਸਾਰੇ ਜਿਹੜੇ ਮੰਡਲੀ ਦੇ ਤੰਬੂ ਵਿੱਚ ਟਹਿਲ ਸੇਵਾ ਕਰਨ ਜਿਨ੍ਹਾਂ ਨੂੰ ਮੂਸਾ ਅਤੇ ਹਾਰੂਨ ਨੇ ਯਹੋਵਾਹ ਦੇ ਹੁਕਮ ਨਾਲ ਗਿਣਿਆ।
42ਮਰਾਰੀਆਂ ਦੇ ਟੱਬਰਾਂ ਦੇ ਜਿਹੜੇ ਆਪਣੇ ਟੱਬਰਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਗਿਣੇ ਗਏ। 43ਤੀਹ ਸਾਲ ਤੋਂ ਉੱਪਰ ਪੰਜਾਹ ਸਾਲ ਤੱਕ ਸਾਰੇ ਜਿਹੜੇ ਸੇਵਾ ਕਰਨ ਯੋਗ ਸਨ ਤਾਂ ਜੋ ਉਹ ਮੰਡਲੀ ਦੇ ਤੰਬੂ ਵਿੱਚ ਟਹਿਲ ਸੇਵਾ ਕਰਨ। 44ਉਹ ਜਿਹੜੇ ਉਨ੍ਹਾਂ ਦੇ ਟੱਬਰਾਂ ਅਨੁਸਾਰ ਗਿਣੇ ਗਏ ਤਿੰਨ ਹਜ਼ਾਰ ਦੋ ਸੌ ਸਨ। 45ਮਰਾਰੀਆਂ ਦੇ ਟੱਬਰਾਂ ਦੇ ਜਿਹੜੇ ਗਿਣੇ ਗਏ ਏਹੋ ਹੀ ਸਨ ਜਿਨ੍ਹਾਂ ਨੂੰ ਮੂਸਾ ਅਤੇ ਹਾਰੂਨ ਨੇ ਯਹੋਵਾਹ ਦੇ ਹੁਕਮ ਨਾਲ ਮੂਸਾ ਦੇ ਰਾਹੀਂ ਗਿਣਿਆ।
46ਸਾਰੇ ਲੇਵੀ ਜਿਹੜੇ ਗਿਣੇ ਗਏ ਜਿਨ੍ਹਾਂ ਨੂੰ ਮੂਸਾ ਅਤੇ ਹਾਰੂਨ ਅਤੇ ਇਸਰਾਏਲ ਦੇ ਪ੍ਰਧਾਨਾਂ ਨੇ ਗਿਣਿਆ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ। 47ਤੀਹ ਸਾਲ ਤੋਂ ਉੱਪਰ ਪੰਜਾਹ ਸਾਲ ਤੱਕ ਸਾਰੇ ਜਿਹੜੇ ਟਹਿਲ ਸੇਵਾ ਕਰਨ ਅਤੇ ਭਾਰ ਚੁੱਕਣ ਲਈ ਮੰਡਲੀ ਦੇ ਤੰਬੂ ਵਿੱਚ ਆਉਣ। 48ਇਹ ਗਿਣੇ ਗਏ ਅਤੇ ਅੱਠ ਹਜ਼ਾਰ ਪੰਜ ਸੌ ਅੱਸੀ ਸਨ। 49ਇਸ ਤਰ੍ਹਾਂ ਯਹੋਵਾਹ ਦੇ ਹੁਕਮ ਨਾਲ ਅਤੇ ਮੂਸਾ ਦੇ ਰਾਹੀਂ ਉਹ ਗਿਣੇ ਗਏ, ਹਰ ਮਨੁੱਖ ਉਸ ਦੀ ਟਹਿਲ ਸੇਵਾ ਅਤੇ ਭਾਰ ਅਨੁਸਾਰ। ਇਸ ਤਰ੍ਹਾਂ ਉਹ ਗਿਣੇ ਗਏ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
Currently Selected:
ਗਿਣਤੀ 4: IRVPun
Highlight
Copy
Compare
Share
Want to have your highlights saved across all your devices? Sign up or sign in
PNB-IRV
Creative Commons License
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.