ਮੱਤੀ 5
IRVPUN

ਮੱਤੀ 5

5
ਪਹਾੜੀ ਉਪਦੇਸ਼
1ਭੀੜ ਨੂੰ ਵੇਖ ਕੇ ਯਿਸੂ ਪਹਾੜ ਉੱਤੇ ਚੜ੍ਹ ਗਿਆ ਅਤੇ ਜਦ ਬੈਠ ਗਿਆ ਤਦ ਚੇਲੇ ਉਸ ਦੇ ਕੋਲ ਆਏ। 2ਉਹ ਚੇਲਿਆਂ ਨੂੰ ਇਹ ਉਪਦੇਸ਼ ਦੇਣ ਲੱਗਾ:
ਧੰਨ ਵਚਨ
ਲੂਕਾ 6:20-23
3 ਉਹ ਧੰਨ ਹਨ ਜਿਹੜੇ ਦਿਲ ਦੇ ਗ਼ਰੀਬ ਹਨ,
ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ।
4 ਉਹ ਧੰਨ ਹਨ ਜਿਹੜੇ ਸੋਗ ਕਰਦੇ ਹਨ,
ਕਿਉਂ ਜੋ ਉਹ ਸ਼ਾਂਤ ਕੀਤੇ ਜਾਣਗੇ।
5 ਉਹ ਧੰਨ ਹਨ ਜਿਹੜੇ ਹਲੀਮ ਹਨ,
ਕਿਉਂ ਜੋ ਉਹ ਧਰਤੀ ਦੇ ਵਾਰਿਸ ਹੋਣਗੇ।
6 ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਭੁੱਖੇ ਤੇ ਪਿਆਸੇ ਹਨ,
ਕਿਉਂ ਜੋ ਉਹ ਰਜਾਏ ਜਾਣਗੇ।
7 ਉਹ ਧੰਨ ਹਨ ਜਿਹੜੇ ਦਿਆਲੂ ਹਨ,
ਕਿਉਂ ਜੋ ਉਨ੍ਹਾਂ ਉੱਤੇ ਦਯਾ ਕੀਤੀ ਜਾਵੇਗੀ।
8 ਉਹ ਧੰਨ ਹਨ ਜਿਹਨਾਂ ਦੇ ਮਨ ਸ਼ੁੱਧ ਹਨ,
ਕਿਉਂ ਜੋ ਉਹ ਪਰਮੇਸ਼ੁਰ ਨੂੰ ਵੇਖਣਗੇ।
9 ਉਹ ਧੰਨ ਹਨ ਜਿਹੜੇ ਮੇਲ-ਮਿਲਾਪ ਕਰਾਉਂਦੇ ਹਨ,
ਕਿਉਂ ਜੋ ਉਹ ਪਰਮੇਸ਼ੁਰ ਦੇ ਪੁੱਤਰ ਅਖਵਾਉਣਗੇ।
10 ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਕਾਰਨ ਸਤਾਏ ਜਾਂਦੇ ਹਨ,
ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ।
11 ਧੰਨ ਹੋ ਤੁਸੀਂ, ਜਦੋਂ ਲੋਕ ਮੇਰੇ ਕਾਰਨ ਤੁਹਾਨੂੰ ਬੇਇੱਜ਼ਤ ਕਰਨ, ਸਤਾਉਣ ਅਤੇ ਤੁਹਾਡੇ ਵਿਰੁੱਧ ਬੁਰੀਆਂ ਗੱਲਾਂ ਬੋਲਣ ਅਤੇ ਝੂਠੇ ਦੋਸ਼ ਲਾਉਣ। 12ਖੁਸ਼ ਹੋਵੋ ਅਤੇ ਅਨੰਦ ਮਨਾਓ, ਕਿਉਂ ਜੋ ਤੁਹਾਡਾ ਫਲ ਸਵਰਗ ਵਿੱਚ ਵੱਡਾ ਹੈ, ਕਿਉਂ ਜੋ ਉਨ੍ਹਾਂ ਨੇ ਤੁਹਾਡੇ ਤੋਂ ਪਹਿਲੇ ਨਬੀਆਂ ਨੂੰ ਵੀ ਇਸੇ ਤਰ੍ਹਾਂ ਸਤਾਇਆ ਸੀ।
ਲੂਣ ਅਤੇ ਚਾਨਣ
ਮਰਕੁਸ 9:50; ਲੂਕਾ 14:34, 35
13 ਤੁਸੀਂ ਧਰਤੀ ਦੇ ਲੂਣ ਹੋ! ਪਰ ਜੇ ਲੂਣ ਬੇਸੁਆਦ ਹੋ ਜਾਵੇ ਤਾਂ ਫਿਰ ਕਿਵੇਂ ਸਲੂਣਾ ਕੀਤਾ ਜਾਵੇਗਾ? ਉਹ ਫਿਰ ਬੇਕਾਰ ਹੈ, ਕਿ ਬਾਹਰ ਸੁੱਟਿਆ ਅਤੇ ਮਨੁੱਖਾਂ ਦੇ ਪੈਰਾਂ ਹੇਠ ਮਿੱਧਿਆ ਜਾਵੇ। 14ਤੁਸੀਂ ਸੰਸਾਰ ਦੇ ਚਾਨਣ ਹੋ। ਜਿਹੜਾ ਨਗਰ ਪਹਾੜ ਉੱਤੇ ਵੱਸਦਾ ਹੈ ਉਹ ਲੁਕਿਆ ਨਹੀਂ ਰਹਿ ਸਕਦਾ। 15ਲੋਕ ਦੀਵਾ ਬਾਲ ਕੇ ਟੋਕਰੇ ਹੇਠਾਂ ਨਹੀਂ ਰੱਖਦੇ ਸਗੋਂ ਦੀਵਟ ਉੱਤੇ ਰੱਖਦੇ ਹਨ ਤਾਂ ਜੋ ਜਿਹੜੇ ਘਰ ਵਿੱਚ ਹਨ ਉਹਨਾਂ ਨੂੰ ਚਾਨਣ ਦੇਵੇ। 16ਤੁਹਾਡਾ ਚਾਨਣ ਲੋਕਾਂ ਦੇ ਸਾਹਮਣੇ ਅਜਿਹਾ ਚਮਕੇ ਕਿ ਉਹ ਤੁਹਾਡੇ ਚੰਗੇ ਕੰਮਾਂ ਨੂੰ ਵੇਖ ਕੇ ਤੁਹਾਡੇ ਪਿਤਾ ਦੀ ਵਡਿਆਈ ਕਰਨ, ਜਿਹੜਾ ਸਵਰਗ ਵਿੱਚ ਹੈ।
ਬਿਵਸਥਾ ਦੀ ਸਿੱਖਿਆ
17 ਇਹ ਨਾ ਸੋਚੋ ਕਿ ਮੈਂ ਮੂਸਾ ਦੀ ਬਿਵਸਥਾ ਜਾਂ ਨਬੀਆਂ ਦੇ ਉਪਦੇਸ਼ ਨੂੰ ਰੱਦ ਕਰਨ ਆਇਆ ਹਾਂ। ਮੈਂ ਰੱਦ ਕਰਨ ਨਹੀਂ ਸਗੋਂ ਪੂਰਾ ਕਰਨ ਆਇਆ ਹਾਂ। 18ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦੋਂ ਤੱਕ ਅਕਾਸ਼ ਅਤੇ ਧਰਤੀ ਟਲ ਨਾ ਜਾਣ, ਬਿਵਸਥਾ ਵਿੱਚੋਂ ਇੱਕ ਅੱਖਰ ਜਾਂ ਇੱਕ ਬਿੰਦੀ ਵੀ ਨਾ ਟਲੇਗੀ, ਜਦ ਤੱਕ ਸਭ ਕੁਝ ਪੂਰਾ ਨਾ ਹੋਵੇ। 19ਸੋ ਜੋ ਕੋਈ ਇਨ੍ਹਾਂ ਸਭਨਾਂ ਤੋਂ ਛੋਟਿਆਂ ਹੁਕਮਾਂ ਵਿੱਚੋਂ ਇੱਕ ਦੀ ਵੀ ਉਲੰਘਣਾ ਕਰੇ ਅਤੇ ਇਸੇ ਤਰ੍ਹਾਂ ਦੂਜਿਆਂ ਨੂੰ ਸਿਖਾਵੇ ਸੋ ਸਵਰਗ ਰਾਜ ਵਿੱਚ ਸਭਨਾਂ ਨਾਲੋਂ ਛੋਟਾ ਕਹਾਵੇਗਾ ਪਰ ਜਿਹੜਾ ਉਨ੍ਹਾਂ ਦੀ ਪਾਲਨਾ ਕਰੇ ਅਤੇ ਸਿਖਾਵੇ ਉਹ ਸਵਰਗ ਰਾਜ ਵਿੱਚ ਮਹਾਨ ਕਹਾਵੇਗਾ। 20ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਤੁਹਾਡੀ ਧਾਰਮਿਕਤਾ, ਉਪਦੇਸ਼ਕਾਂ ਅਤੇ ਫ਼ਰੀਸੀਆਂ ਦੇ ਨਾਲੋਂ ਵੱਧ ਨਾ ਹੋਵੇ ਤਾਂ ਤੁਸੀਂ ਸਵਰਗ ਰਾਜ ਵਿੱਚ ਕਿਸੇ ਵੀ ਤਰ੍ਹਾਂ ਨਾ ਵੜੋਗੇ।
ਕ੍ਰੋਧ ਅਤੇ ਹੱਤਿਆ
21 ਤੁਸੀਂ ਸੁਣਿਆ ਹੈ ਕਿ ਬਹੁਤ ਚਿਰ ਪਹਿਲਾਂ ਇਹ ਕਿਹਾ ਗਿਆ ਸੀ, ਤੂੰ ਕਿਸੇ ਮਨੁੱਖ ਦਾ ਖ਼ੂਨ ਨਾ ਕਰ ਅਤੇ ਜੇ ਕੋਈ ਖ਼ੂਨ ਕਰੇ ਸੋ ਅਦਾਲਤ ਵਿੱਚ ਸਜ਼ਾ ਦੇ ਯੋਗ ਹੋਵੇਗਾ। 22ਪਰ ਮੈਂ ਤੁਹਾਨੂੰ ਆਖਦਾ ਹਾਂ ਹਰੇਕ ਜੋ ਆਪਣੇ ਭਰਾ ਉੱਤੇ ਕ੍ਰੋਧ ਕਰੇ ਉਹ ਅਦਾਲਤ ਵਿੱਚ ਸਜ਼ਾ ਪਾਵੇਗਾ ਅਤੇ ਜਿਹੜਾ ਆਪਣੇ ਭਰਾ ਨੂੰ ਗਾਲ ਕੱਢੇ ਉਹ ਸਭਾ ਵਿੱਚ ਸਜ਼ਾ ਪਾਵੇਗਾ ਪਰ ਜਿਹੜਾ ਆਪਣੇ ਭਰਾ ਨੂੰ “ਮੂਰਖ” ਕਹੇ, ਉਹ ਨਰਕ ਦੀ ਅੱਗ ਦੀ ਸਜ਼ਾ ਪਾਵੇਗਾ। 23ਸੋ ਜਦੋਂ ਤੂੰ ਜਗਵੇਦੀ ਉੱਤੇ ਆਪਣੀ ਭੇਟ ਚੜ੍ਹਾਉਣ ਲੱਗੇਂ ਅਤੇ ਤੈਨੂੰ ਯਾਦ ਆਵੇ ਜੋ ਤੇਰੇ ਭਰਾ ਦੇ ਮਨ ਵਿੱਚ ਤੇਰੇ ਲਈ ਕੁਝ ਗੁੱਸਾ ਹੈ, 24ਤਾਂ ਉੱਥੇ ਆਪਣੀ ਭੇਟ ਜਗਵੇਦੀ ਦੇ ਸਾਹਮਣੇ ਛੱਡ ਕੇ ਚੱਲਿਆ ਜਾ ਅਤੇ ਪਹਿਲਾਂ ਆਪਣੇ ਭਰਾ ਨਾਲ ਮੇਲ-ਮਿਲਾਪ ਕਰ। ਫਿਰ ਆ ਕੇ ਆਪਣੀ ਭੇਟ ਚੜ੍ਹਾ। 25ਜੇ ਤੇਰਾ ਵਿਰੋਧੀ ਤੈਨੂੰ ਅਦਾਲਤ ਲਿਜਾ ਰਿਹਾ ਹੋਵੇ ਤਾਂ ਰਸਤੇ ਵਿੱਚ ਹੀ ਛੇਤੀ ਉਹ ਦੇ ਨਾਲ ਮਿਲਾਪ ਕਰ, ਇਸ ਤਰ੍ਹਾਂ ਨਾ ਹੋਵੇ ਜੋ ਵਿਰੋਧੀ ਤੈਨੂੰ ਹਾਕਮ ਦੇ ਹਵਾਲੇ ਕਰੇ ਅਤੇ ਹਾਕਮ ਤੈਨੂੰ ਸਿਪਾਹੀ ਦੇ ਹਵਾਲੇ ਕਰੇ ਅਤੇ ਤੂੰ ਕੈਦ ਵਿੱਚ ਪੈ ਜਾਵੇਂ। 26ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਦ ਤੱਕ ਤੂੰ ਸਭ ਕੁਝ ਨਾ ਭਰ ਦੇਵੇਂ ਉੱਥੋਂ ਕਿਸੇ ਵੀ ਤਰ੍ਹਾਂ ਨਾ ਛੁੱਟੇਂਗਾ।
ਵਿਭਚਾਰ
27 ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ ਕਿ ਤੂੰ ਵਿਭਚਾਰ ਨਾ ਕਰ। 28ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਕੋਈ ਕਿਸੇ ਔਰਤ ਨੂੰ ਬੁਰੀ ਕਾਮਨਾ ਨਾਲ ਵੇਖਦਾ ਹੈ, ਉਹ ਓਸੇ ਵੇਲੇ ਹੀ ਆਪਣੇ ਮਨੋਂ ਉਹ ਦੇ ਨਾਲ ਵਿਭਚਾਰ ਕਰ ਚੁੱਕਿਆ। 29ਜੇ ਤੇਰੀ ਸੱਜੀ ਅੱਖ ਪਾਪ ਕਰਾਵੇ ਤਾਂ ਉਸ ਨੂੰ ਕੱਢ ਕੇ ਸੁੱਟ ਦੇ, ਕਿਉਂ ਜੋ ਤੇਰੇ ਲਈ ਇਹੋ ਚੰਗਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇ। 30ਅਤੇ ਜੇ ਤੇਰਾ ਸੱਜਾ ਹੱਥ ਤੇਰੇ ਕੋਲੋਂ ਪਾਪ ਕਰਾਵੇ ਤਾਂ ਉਸ ਨੂੰ ਵੱਢ ਕੇ ਸੁੱਟ ਦੇ, ਕਿਉਂ ਜੋ ਤੇਰੇ ਲਈ ਇਹੋ ਚੰਗਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇ।
ਤਲਾਕ
31 ਇਹ ਵੀ ਆਖਿਆ ਗਿਆ ਸੀ ਕਿ ਜਿਹੜਾ ਆਪਣੀ ਪਤਨੀ ਨੂੰ ਤਲਾਕ ਦੇਵੇ, ਉਹ ਉਸ ਨੂੰ ਤਲਾਕ ਨਾਮਾ ਲਿਖ ਕੇ ਦੇਵੇ। 32ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜਿਹੜਾ ਆਪਣੀ ਪਤਨੀ ਨੂੰ ਹਰਾਮਕਾਰੀ ਤੋਂ ਇਲਾਵਾ ਕਿਸੇ ਹੋਰ ਕਾਰਨ ਤਿਆਗੇ, ਉਹ ਉਸ ਕੋਲੋਂ ਵਿਭਚਾਰ ਕਰਾਉਂਦਾ ਹੈ ਅਤੇ ਜੋ ਕੋਈ ਉਸ ਤਿਆਗੀ ਹੋਈ ਨਾਲ ਵਿਆਹ ਕਰੇ ਸੋ ਵਿਭਚਾਰ ਕਰਦਾ ਹੈ।
ਸਹੁੰ
33 ਤੁਸੀਂ ਸੁਣਿਆ ਹੈ ਜੋ ਪੁਰਖਿਆਂ ਨੂੰ ਕਿਹਾ ਗਿਆ ਸੀ ਕਿ ਤੁਸੀਂ ਝੂਠੀ ਸਹੁੰ ਨਾ ਖਾਣਾ ਪਰ ਪ੍ਰਭੂ ਦੇ ਲਈ ਆਪਣੇ ਵਾਅਦਿਆਂ ਨੂੰ ਪੂਰਾ ਕਰਨਾ। 34ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਕਦੇ ਵੀ ਸਹੁੰ ਨਾ ਖਾਓ, ਨਾ ਸਵਰਗ ਦੀ ਕਿਉਂ ਜੋ ਉਹ ਪਰਮੇਸ਼ੁਰ ਦਾ ਸਿੰਘਾਸਣ ਹੈ। 35ਨਾ ਧਰਤੀ ਦੀ ਕਿਉਂ ਜੋ ਉਹ ਪਰਮੇਸ਼ੁਰ ਦੇ ਚਰਨਾਂ ਦੀ ਚੌਂਕੀ ਹੈ ਅਤੇ ਨਾ ਯਰੂਸ਼ਲਮ ਦੀ ਕਿਉਂ ਜੋ ਉਹ ਪਰਮੇਸ਼ੁਰ ਦਾ ਸ਼ਹਿਰ ਹੈ। 36ਅਤੇ ਨਾ ਆਪਣੇ ਸਿਰ ਦੀ ਸਹੁੰ ਖਾਹ ਕਿਉਂ ਜੋ ਤੂੰ ਇੱਕ ਵਾਲ਼ ਨੂੰ ਸਫ਼ੇਦ ਜਾਂ ਕਾਲਾ ਨਹੀਂ ਕਰ ਸਕਦਾ। 37ਪਰ ਤੁਹਾਡੀ ਗੱਲਬਾਤ ਹਾਂ ਦੀ ਹਾਂ ਅਤੇ ਨਾਂਹ ਦੀ ਨਾਂਹ ਹੋਵੇ ਅਤੇ ਜੋ ਇਸ ਤੋਂ ਵੱਧ ਹੈ ਸੋ ਦੁਸ਼ਟ ਵੱਲੋਂ ਹੁੰਦਾ ਹੈ।
ਬਦਲਾ
38 ਤੁਸੀਂ ਸੁਣਿਆ ਹੈ ਜੋ ਕਿਹਾ ਗਿਆ ਸੀ ਕਿ ਅੱਖ ਦੇ ਬਦਲੇ ਅੱਖ ਅਤੇ ਦੰਦ ਦੇ ਬਦਲੇ ਦੰਦ। 39ਮੈਂ ਤੁਹਾਨੂੰ ਆਖਦਾ ਹਾਂ ਜੋ ਦੁਸ਼ਟ ਦਾ ਸਾਹਮਣਾ ਨਾ ਕਰਨਾ ਸਗੋਂ ਜੇ ਕੋਈ ਤੇਰੀ ਸੱਜੀ ਗੱਲ੍ਹ ਉੱਤੇ ਚਪੇੜ ਮਾਰੇ ਤਾਂ ਤੂੰ ਦੂਜੀ ਵੀ ਉਸ ਦੇ ਵੱਲ ਕਰ ਦੇ। 40ਅਤੇ ਜੇ ਕੋਈ ਤੇਰੇ ਉੱਤੇ ਮੁਕੱਦਮਾ ਕਰ ਕੇ ਤੇਰਾ ਕੁੜਤਾ ਲੈਣਾ ਚਾਹੇ ਤਾਂ ਉਹ ਨੂੰ ਚੋਗਾ ਵੀ ਦੇ ਦਿਓ। 41ਅਤੇ ਜੋ ਕੋਈ ਤੈਨੂੰ ਬੇਗ਼ਾਰੀ ਵਿੱਚ ਇੱਕ ਮੀਲ ਲੈ ਜਾਵੇ ਤਾਂ ਉਹ ਦੇ ਨਾਲ ਦੋ ਮੀਲ ਚੱਲਿਆ ਜਾ। 42ਜਿਹੜਾ ਤੇਰੇ ਕੋਲੋਂ ਮੰਗੇ ਉਹ ਨੂੰ ਦੇ ਅਤੇ ਜੋ ਤੇਰੇ ਕੋਲੋਂ ਉਧਾਰ ਮੰਗੇ ਤਾਂ ਉਸ ਤੋਂ ਮੂੰਹ ਨਾ ਮੋੜ।
ਵੈਰੀਆਂ ਦੇ ਨਾਲ ਪਿਆਰ
ਲੂਕਾ 6:27
43 ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ ਕਿ ਤੂੰ ਆਪਣੇ ਗੁਆਂਢੀ ਨਾਲ ਪਿਆਰ ਕਰ ਅਤੇ ਆਪਣੇ ਵੈਰੀ ਨਾਲ ਵੈਰ ਰੱਖ। 44ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ। ਅਤੇ ਜੋ ਤੁਹਾਨੂੰ ਸਤਾਉਣ ਉਨ੍ਹਾਂ ਲਈ ਪ੍ਰਾਰਥਨਾ ਕਰੋ। 45ਤਾਂ ਜੋ ਤੁਸੀਂ ਆਪਣੇ ਸਵਰਗੀ ਪਿਤਾ ਦੀ ਸੰਤਾਨ ਹੋਵੋ ਕਿਉਂ ਜੋ ਉਹ ਆਪਣਾ ਸੂਰਜ, ਬੁਰਿਆਂ ਅਤੇ ਭਲਿਆਂ ਲਈ ਚੜ੍ਹਾਉਂਦਾ ਹੈ! ਧਰਮੀਆਂ ਅਤੇ ਕੁਧਰਮੀਆਂ ਉੱਤੇ ਮੀਂਹ ਵਰਸਾਉਂਦਾ ਹੈ। 46ਜੇ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ, ਤਾਂ ਤੁਹਾਨੂੰ ਕੀ ਫਲ ਮਿਲੇਗਾ? ਭਲਾ, ਚੂੰਗੀ ਲੈਣ ਵਾਲੇ ਵੀ ਇਹੋ ਨਹੀਂ ਕਰਦੇ? 47ਅਤੇ ਜੇਕਰ ਤੁਸੀਂ ਸਿਰਫ਼ ਆਪਣੇ ਭਰਾਵਾਂ ਨੂੰ ਹੀ ਪ੍ਰਣਾਮ ਕਰੋ, ਤਾਂ ਤੁਸੀਂ ਕੀ ਵੱਧ ਕਰਦੇ ਹੋ? ਕੀ, ਪਰਾਈ ਕੌਮ ਦੇ ਲੋਕ ਵੀ ਇਹੋ ਨਹੀਂ ਕਰਦੇ? 48ਸੋ ਜਿਵੇਂ ਤੁਹਾਡਾ ਸਵਰਗੀ ਪਿਤਾ ਸੰਪੂਰਨ ਹੈ, ਤਿਵੇਂ ਤੁਸੀਂ ਵੀ ਸੰਪੂਰਨ ਹੋਵੋ।

PNB-IRV

Creative Commons License

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.


Learn More About ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

Encouraging and challenging you to seek intimacy with God every day.


YouVersion uses cookies to personalize your experience. By using our website, you accept our use of cookies as described in our Privacy Policy.