ਯੂਹੰਨਾ ਦੀ ਇੰਜੀਲ 18
18
ਯਿਸੂ ਬੰਦੀ ਬਣ ਗਿਆ
(ਮੱਤੀ 26:47-56; ਮਰਕੁਸ 14:43-50; ਲੂਕਾ 22:47-53)
1ਜਦੋਂ ਯਿਸੂ ਪ੍ਰਾਰਥਨਾ ਕਰ ਹਟਿਆ, ਤਾਂ ਉਹ ਆਪਣੇ ਚੇਲਿਆਂ ਨਾਲ ਉੱਥੋਂ ਚੱਲਾ ਗਿਆ। ਉਹ ਕਿਦਰੋਨ ਦੀ ਘਾਟੀ ਦੇ ਦੂਸਰੇ ਪਾਸੇ ਚੱਲੇ ਗਏ। ਉੱਥੇ ਜੈਤੂਨ ਦੇ ਰੁੱਖਾਂ ਦਾ ਬਾਗ ਸੀ। ਯਿਸੂ ਅਤੇ ਉਸ ਦੇ ਚੇਲੇ ਉੱਥੇ ਚੱਲੇ ਗਏ।
2ਅਤੇ ਯਹੂਦਾ ਇਸ ਥਾਂ ਤੋਂ ਵਾਕਫ਼ ਸੀ, ਕਿਉਂ ਕਿ ਯਿਸੂ ਅਕਸਰ ਆਪਣੇ ਚੇਲਿਆਂ ਨਾਲ ਉਸ ਥਾਵੇਂ ਜਾਂਦਾ ਸੀ। ਇੱਕ ਯਹੂਦਾ ਹੀ ਸੀ ਜਿਸਨੇ ਯਿਸੂ ਨੂੰ ਉਸ ਦੇ ਵੈਰੀਆਂ ਹੱਥੀ ਫ਼ੜਵਾਇਆ ਸੀ। 3ਫ਼ਿਰ ਯਹੂਦਾ ਉੱਥੇ ਸੈਨਕਾਂ ਦਾ ਇੱਕ ਜਿੱਥੇਾ ਲੈ ਕੇ ਆਇਆ, ਇਹੀ ਨਹੀਂ ਸਗੋਂ ਉਹ ਆਪਣੇ ਨਾਲ ਪਰਧਾਨ ਜਾਜਕਾਂ ਅਤੇ ਫ਼ਰੀਸੀਆਂ ਕੋਲੋਂ ਕੁਝ ਪਿਆਦੇ ਵੀ ਲੈ ਆਇਆ। ਉਨ੍ਹਾਂ ਦੇ ਹੱਥਾਂ ਵਿੱਚ ਦੀਵੇ, ਮਸ਼ਾਲਾਂ ਅਤੇ ਹਥਿਆਰ ਸਨ।
4ਯਿਸੂ ਜਾਣਦਾ ਸੀ ਕਿ ਉਸ ਨਾਲ ਕੀ ਹੋਣ ਵਾਲਾ ਹੈ। ਯਿਸੂ ਅਗਾਂਹ ਆਇਆ ਅਤੇ ਆਖਿਆ, “ਤੁਸੀਂ ਕਿਸ ਨੂੰ ਲੱਭ ਰਹੇ ਹੋਂ?”
5ਆਦਮੀਆਂ ਨੇ ਆਖਿਆ, “ਨਾਸਰਤ ਦੇ ਯਿਸੂ ਨੂੰ।”
ਯਿਸੂ ਨੇ ਆਖਿਆ, “ਮੈਂ ਹੀ ਯਿਸੂ ਹਾਂ।” ਯਹੂਦਾ ਜਿਸਨੇ ਯਿਸੂ ਨੂੰ ਉਸ ਦੇ ਵੈਰੀਆਂ ਹੱਥੀ ਫ਼ੜਵਾਇਆ ਸੀ, ਉਹ ਵੀ ਉਸ ਜਿੱਥੇ ਵਿੱਚ ਖੜ੍ਹਾ ਸੀ। 6ਜਦੋਂ ਉਸ ਨੇ ਉਨ੍ਹਾਂ ਲੋਕਾਂ ਨੂੰ ਆਖਿਆ, “ਮੈਂ ਯਿਸੂ ਹਾਂ” ਉਹ ਆਦਮੀ ਪਿੱਛਾਂਹ ਹਟੇ ਤੇ ਭੁੰਜੇ ਡਿੱਗ ਪਏ।
7ਯਿਸੂ ਨੇ ਉਨ੍ਹਾਂ ਨੂੰ ਮੁੜ ਪੁੱਛਿਆ, “ਤੁਸੀਂ ਕਿਸ ਦੀ ਤਲਾਸ਼ ਕਰ ਰਹੇ ਹੋ?”
ਆਦਮੀਆਂ ਨੇ ਆਖਿਆ, “ਨਾਸਰਤ ਦੇ ਯਿਸੂ ਨੂੰ।”
8ਯਿਸੂ ਨੇ ਕਿਹਾ, “ਮੈਂ ਤੁਹਾਨੂੰ ਆਖਿਆ ਤਾਂ ਹੈ ਕਿ ਮੈਂ ਹੀ ਯਿਸੂ ਹਾਂ, ਇਸ ਲਈ ਜੇਕਰ ਤੁਸੀਂ ਮੈਨੂੰ ਤਲਾਸ਼ ਰਹੇ ਹੋ ਤਾਂ ਇਨ੍ਹਾਂ ਲੋਕਾਂ ਨੂੰ ਜਾਣ ਦਿਉ।” 9ਇਹ ਯਿਸੂ ਦੀ ਆਖਣੀ ਨੂੰ ਪੂਰਨ ਕਰਨ ਲਈ ਵਾਪਰਿਆ, “ਮੈਂ ਉਨ੍ਹਾਂ ਵਿੱਚੋਂ ਕੋਈ ਨਹੀਂ ਗੁਆਇਆ ਜਿਨ੍ਹਾਂ ਨੂੰ ਤੂੰ ਮੈਨੂੰ ਦਿੱਤਾ ਹੈ।”
10ਫ਼ਿਰ ਸ਼ਮਊਨ ਪਤਰਸ ਕੋਲ ਜਿਹੜੀ ਤਲਵਾਰ ਸੀ ਉਸ ਨੇ ਬਾਹਰ ਕੱਢੀ ਅਤੇ ਸਰਦਾਰ ਜਾਜਕ ਦੇ ਦਾਸ ਤੇ ਚਲਾਈ ਅਤੇ ਉਸਦਾ ਸੱਜਾ ਕੰਨ ਵੱਢ ਦਿੱਤਾ। (ਉਸ ਨੌਕਰ ਦਾ ਨਾਂ ਮਲਖੁਸ ਸੀ।) 11ਫਿਰ ਯਿਸੂ ਨੇ ਪਤਰਸ ਨੂੰ ਕਿਹਾ, “ਆਪਣੀ ਤਲਵਾਰ ਵਾਪਸ ਮਿਆਨ ਵਿੱਚ ਪਾ। ਕੀ ਮੈਨੂੰ ਇਹ ਦੁੱਖਾਂ ਦਾ ਪਿਆਲਾ, ਜਿਹੜਾ ਮੇਰੇ ਪਿਤਾ ਨੇ ਮੈਨੂੰ ਦਿੱਤਾ ਹੈ, ਨਹੀਂ ਪੀਣਾ ਚਾਹੀਦਾ?”
ਯਿਸੂ ਨੂੰ ਅੰਨਾਸ ਸਾਹਮਣੇ ਪੇਸ਼ ਕੀਤਾ ਗਿਆ
(ਮੱਤੀ 26:57-58; ਮਰਕੁਸ 14:53-54; ਲੂਕਾ 22:54)
12ਉਸਤੋਂ ਬਾਦ ਸੈਨਾ ਅਧਿਕਾਰੀ ਅਤੇ ਯਹੂਦੀ ਪੈਰੇਦਾਰਾਂ ਨੇ ਯਿਸੂ ਨੂੰ ਫ਼ੜ ਕੇ ਬੰਨ੍ਹ ਲਿਆ। 13ਬੰਨ੍ਹ ਕੇ ਉਸ ਨੂੰ ਅੰਨਾਸ ਅੱਗੇ ਲਿਆਂਦਾ ਗਿਆ। ਅੰਨਾਸ ਕਯਾਫ਼ਾ ਦਾ ਸੌਹਰਾ ਲੱਗਦਾ ਸੀ। ਅਤੇ ਉਸ ਵਰ੍ਹੇ ਕਯਾਫ਼ਾ ਸਰਦਾਰ ਜਾਜਕ ਸੀ। 14ਕਯਾਫ਼ਾ ਉਹ ਸੀ ਜਿਸਨੇ ਯਹੂਦੀਆਂ ਨੂੰ ਸਲਾਹ ਦਿੱਤੀ ਸੀ ਕਿ ਸਾਰੇ ਲੋਕਾਂ ਲਈ ਇੱਕ ਮਨੁੱਖ ਦਾ ਮਰਨਾ ਚੰਗਾ ਹੈ।
ਪਤਰਸ ਨੇ ਯਿਸੂ ਬਾਰੇ ਜਾਨਣ ਤੋਂ ਇਨਕਾਰ ਕੀਤਾ
(ਮੱਤੀ 26:69-70; ਮਰਕੁਸ 14:66-68; ਲੂਕਾ 22:55-57)
15ਸ਼ਮਊਨ ਪਤਰਸ ਅਤੇ ਇੱਕ ਹੋਰ ਚੇਲਾ ਯਿਸੂ ਦੇ ਮਗਰ ਹੋ ਤੁਰਿਆ। ਉਹ ਚੇਲਾ ਸਰਦਾਰ ਜਾਜਕ ਦਾ ਵਾਕਫ਼ ਸੀ ਅਤੇ ਯਿਸੂ ਦੇ ਨਾਲ ਸਰਦਾਰ ਜਾਜਕ ਦੇ ਵਿਹੜੇ ਤੀਕ ਗਿਆ। 16ਪਰ ਪਤਰਸ ਬਾਹਰ ਦਰਵਾਜ਼ੇ ਕੋਲ ਠਹਿਰ ਗਿਆ, ਦੂਜਾ ਚੇਲਾ, ਜਿਹੜਾ ਸਰਦਾਰ ਜਾਜਕ ਨੂੰ ਜਾਣਦਾ ਸੀ, ਦਰਵਾਜ਼ੇ ਕੋਲ ਆਇਆ ਅਤੇ ਇੱਕ ਨੌਕਰਾਨੀ ਨੂੰ ਮਿਲਿਆ, ਜੋ ਕਿ ਦੁਆਰਪਾਲ ਸੀ। ਤਦ ਉਹ ਪਤਰਸ ਨੂੰ ਅੰਦਰ ਲਿਆਇਆ। 17ਉਸ ਨੌਕਰਾਨੀ ਨੇ ਦਰਵਾਜ਼ੇ ਤੇ ਪਤਰਸ ਨੂੰ ਕਿਹਾ, “ਕੀ ਤੂੰ ਉਸ ਆਦਮੀ ਦੇ ਚੇਲਿਆਂ ਵਿੱਚੋਂ ਇੱਕ ਹੈਂ?”
ਪਤਰਸ ਨੇ ਜਵਾਬ ਦਿੱਤਾ, “ਨਹੀਂ, ਮੈਂ ਨਹੀਂ ਹਾਂ।”
18ਇਹ ਸਰਦੀ ਦਾ ਮੌਸਮ ਸੀ ਨੌਕਰਾਂ ਅਤੇ ਪਹਿਰੇਦਾਰਾਂ ਨੇ ਬਾਹਰ ਅੱਗ ਬਾਲੀ ਹੋਈ ਸੀ ਅਤੇ ਉਹ ਅੱਗ ਦੇ ਆਲੇ-ਦੁਆਲੇ ਖੜ੍ਹੇ ਹੋਕੇ ਸੇਕ ਰਹੇ ਸਨ। ਪਤਰਸ ਵੀ ਇਨ੍ਹਾਂ ਲੋਕਾਂ ਵਿੱਚ ਖੜ੍ਹਾ ਸੇਕ ਰਿਹਾ ਸੀ।
ਸਰਦਾਰ ਜਾਜਕ ਨੇ ਯਿਸੂ ਨੂੰ ਸਵਾਲ ਕੀਤੇ
(ਮੱਤੀ 26:59-66; ਮਰਕੁਸ 14:55-64; ਲੂਕਾ 22:66-71)
19ਸਰਦਾਰ ਜਾਜਕ ਨੇ ਯਿਸੂ ਨੂੰ ਉਸ ਦੇ ਚੇਲਿਆਂ ਬਾਰੇ ਅਤੇ, ਜੋ ਉਪਦੇਸ਼ ਉਸ ਨੇ ਸਮਝਾਏ ਸਨ, ਉਨ੍ਹਾਂ ਬਾਰੇ ਪ੍ਰਸ਼ਨ ਕੀਤੇ। 20ਯਿਸੂ ਨੇ ਆਖਿਆ, “ਮੈਂ ਹਮੇਸ਼ਾ ਲੋਕਾਂ ਨੂੰ ਖੁਲ੍ਹੇਆਮ ਬੋਲਿਆ ਹਾਂ। ਮੈਂ ਹਮੇਸ਼ਾ ਪ੍ਰਾਰਥਨਾ ਸਥਾਨ ਅਤੇ ਮੰਦਰ ਵਿੱਚ ਹੀ ਉਪਦੇਸ਼ ਦਿੱਤੇ ਹਨ, ਜਿੱਥੇ ਸਾਰੇ ਯਹੂਦੀ ਇੱਕਤਰ ਹੁੰਦੇ ਹਨ। ਮੈਂ ਕਦੇ ਕਿਸੇ ਨੂੰ ਗੁਪਤ ਤੌਰ ਤੇ ਸਿੱਖਿਆ ਨਹੀਂ ਦਿੱਤੀ। 21ਤਾਂ ਫਿਰ ਤੂੰ ਮੈਨੂੰ ਅਜਿਹੇ ਸਵਾਲ ਕਿਉਂ ਕਰ ਰਿਹਾ ਹੈਂ? ਉਨ੍ਹਾਂ ਲੋਕਾਂ ਨੂੰ ਪੁੱਛ ਜਿਨ੍ਹਾਂ ਨੇ ਮੇਰੀਆਂ ਸਿੱਖਿਆਵਾਂ ਸੁਣੀਆਂ ਹਨ। ਉਹ ਜਾਣਦੇ ਹਨ ਕਿ ਮੈਂ ਕੀ ਆਖਿਆ ਹੈ।”
22ਜਦੋਂ ਯਿਸੂ ਨੇ ਇਹ ਆਖਿਆ ਤਾਂ ਉਸ ਕੋਲ ਖੜ੍ਹੇ ਪਹਿਰੇਦਾਰਾਂ ਵਿੱਚੋਂ ਇੱਕ ਨੇ ਉਸ ਨੂੰ ਮਾਰਿਆ ਤੇ ਆਖਿਆ, “ਤੈਨੂੰ ਸਰਦਾਰ ਜਾਜਕ ਨੂੰ ਇਸ ਤਰ੍ਹਾਂ ਨਹੀਂ ਬੋਲਣਾ ਚਾਹੀਦਾ।”
23ਯਿਸੂ ਨੇ ਆਖਿਆ, “ਜੇਕਰ ਮੈਂ ਗਲਤ ਬੋਲਿਆ ਹਾਂ, ਤਾਂ ਲੋਕਾਂ ਸਾਹਮਣੇ ਦੱਸ ਮੈਂ ਕੀ ਗਲਤ ਬੋਲਿਆ ਹੈ। ਪਰ ਜੇਕਰ ਮੈਂ ਸਹੀ ਬੋਲਿਆ ਹਾਂ, ਤਾਂ ਤੂੰ ਮੈਨੂੰ ਕਿਉਂ ਕੁੱਟਿਆ ਹੈ?”
24ਤਾਂ ਫਿਰ ਅੰਨਾਸ ਨੇ ਯਿਸੂ ਨੂੰ ਸਰਦਾਰ ਜਾਜਕ ਕਯਾਫ਼ਾ ਕੋਲ ਭੇਜ ਦਿੱਤਾ। ਯਿਸੂ ਨੂੰ ਉਨ੍ਹਾਂ ਅਜੇ ਵੀ ਬੰਨ੍ਹਿਆ ਹੋਇਆ ਸੀ।
ਪਤਰਸ ਦਾ ਫ਼ੇਰ ਝੂਠ ਬੋਲਣਾ
(ਮੱਤੀ 26:71-75; ਮਰਕੁਸ 14:69-72; ਲੂਕਾ 22:58-62)
25ਸ਼ਮਊਨ ਪਤਰਸ ਅੱਗ ਕੋਲ ਖੜ੍ਹਾ ਸੀ ਅਤੇ ਆਪਣੇ-ਆਪ ਨੂੰ ਨਿਘਾ ਕਰ ਰਿਹਾ ਸੀ। ਦੂਜੇ ਆਦਮੀਆਂ ਨੇ ਪਤਰਸ ਨੂੰ ਕਿਹਾ, “ਕੀ ਤੂੰ ਵੀ ਉਸ ਦੇ ਚੇਲਿਆਂ ਵਿੱਚੋਂ ਇੱਕ ਹੈਂ?”
ਪਰ ਪਤਰਸ ਨੇ ਹਾਮੀ ਨਾ ਭਰੀ। ਉਸ ਨੇ ਕਿਹਾ, “ਨਹੀਂ, ਮੈਂ ਨਹੀਂ ਹਾਂ।”
26ਸਰਦਾਰ ਜਾਜਕ ਦੇ ਸੇਵਕਾਂ ਵਿੱਚੋਂ ਇੱਕ ਉੱਥੇ ਸੀ ਅਤੇ ਇਹ ਆਦਮੀ ਉਹ ਮਨੁੱਖ ਦਾ ਸੰਬੰਧੀ ਸੀ ਜਿਸਦਾ ਪਤਰਸ ਨੇ ਕੰਨ ਵੱਢਿਆ ਸੀ ਤਾਂ ਉਸ ਸੇਵਕ ਨੇ ਕਿਹਾ, “ਕੀ ਮੈਂ ਤੈਨੂੰ ਉਸ ਆਦਮੀ (ਯਿਸੂ) ਨਾਲ ਬਾਗ ਵਿੱਚ ਵੇਖਿਆ ਸੀ।”
27ਪਰ ਫ਼ਿਰ ਪਤਰਸ ਨੇ ਆਖਿਆ, “ਨਹੀਂ, ਮੈਂ ਉਸ ਦੇ ਨਾਲ ਨਹੀਂ ਸਾਂ!” ਅਤੇ ਉਸੇ ਵੇਲੇ ਇੱਕ ਕੁੱਕੜ ਨੇ ਬਾਂਗ ਦਿੱਤੀ।
ਯਿਸੂ ਨੂੰ ਪਿਲਾਤੁਸ ਕੋਲ ਲਿਜਾਇਆ ਗਿਆ
(ਮੱਤੀ 27:1-2, 11-31; ਮਰਕੁਸ 15:1-20; ਲੂਕਾ 23:1-25)
28ਤਦ ਯਹੂਦੀ ਯਿਸੂ ਨੂੰ ਕਯਾਫ਼ਾ ਦੀ ਕਚਿਹਰੀ ਚੋਂ ਕੱਢ ਕੇ ਰਾਜਪਾਲ ਦੇ ਮਹਿਲ ਵਿੱਚ ਲੈ ਗਏ। ਅਜੇ ਬਹੁਤ ਸਵੇਰਾ ਸੀ ਪਰ ਯਹੂਦੀ ਕਚਿਹਰੀ ਦੇ ਅੰਦਰ ਨਹੀਂ ਗਏ। ਉਹ ਆਪਣੇ-ਆਪ ਨੂੰ ਭ੍ਰਿਸ਼ਟ ਨਹੀਂ ਸੀ ਕਰਨਾ ਚਾਹੁੰਦੇ ਕਿਉਂਕਿ ਉਹ ਪਸਾਹ ਦੇ ਤਿਉਹਾਰ ਦਾ ਭੋਜਨ ਕਰਨਾ ਚਾਹੁੰਦੇ ਸਨ। 29ਇਸ ਲਈ ਪਿਲਾਤੁਸ ਉਨ੍ਹਾਂ ਕੋਲ ਬਾਹਰ ਆਇਆ ਅਤੇ ਪੁੱਛਿਆ, “ਤੁਸੀਂ ਇਸ ਮਨੁੱਖ ਦੇ ਸਿਰ ਕੀ ਦੋਸ਼ ਲਗਾਉਂਦੇ ਹੋ?”
30ਯਹੂਦੀਆਂ ਨੇ ਕਿਹਾ, “ਇਹ ਇੱਕ ਬੁਰਾ ਆਦਮੀ ਹੈ, ਇਸ ਲਈ ਅਸੀਂ ਇਸ ਨੂੰ ਤੇਰੇ ਕੋਲ ਲੈ ਕੇ ਆਏ ਹਾਂ।”
31ਪਿਲਾਤੁਸ ਨੇ ਯਹੂਦੀਆਂ ਨੂੰ ਆਖਿਆ, “ਤੁਸੀਂ ਯਹੂਦੀ ਆਪਣੇ-ਆਪ ਹੀ ਇਸ ਨੂੰ ਲੈ ਜਾਵੋ ਅਤੇ ਆਪਣੀ ਸ਼ਰ੍ਹਾ ਅਨੁਸਾਰ ਇਸਦਾ ਨਿਆਂ ਕਰੋ।”
ਯਹੂਦੀਆਂ ਨੇ ਜਵਾਬ ਦਿੱਤਾ, “ਪਰ ਤੁਹਾਡੀ ਸ਼ਰ੍ਹਾ ਸਾਨੂੰ ਕਿਸੇ ਨੂੰ ਮੌਤ ਦੀ ਸਜ਼ਾ ਦੇਣ ਦੀ ਆਗਿਆ ਨਹੀਂ ਹੈ।” 32(ਜਿਵੇਂ ਯਿਸੂ ਨੇ ਆਪਣੀ ਮੌਤ ਬਾਰੇ ਕਿਹਾ ਸੀ, ਕਿ ਉਹ ਕਿਸ ਤਰ੍ਹਾਂ ਮਰੇਗਾ, ਉਸੇ ਨੂੰ ਪੂਰਨ ਕਰਨ ਲਈ ਉਹ ਵਾਪਰਿਆ।)
33ਪਿਲਾਤੁਸ ਮਹਿਲ ਅੰਦਰ ਵਾਪਸ ਚੱਲਾ ਗਿਆ ਅਤੇ ਉੱਥੇ ਯਿਸੂ ਨੂੰ ਉਸ ਨੇ ਆਪਣੇ ਕੋਲ ਬੁਲਾਇਆ ਅਤੇ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਰਾਜਾ ਹੈਂ?”
34ਯਿਸੂ ਨੇ ਆਖਿਆ, “ਕੀ ਤੂੰ ਇਹ ਆਪਣੇ-ਆਪ ਪੁੱਛ ਰਿਹਾ ਹੈ ਜਾਂ ਦੂਜੇ ਲੋਕਾਂ ਨੇ ਤੈਨੂੰ ਮੇਰੇ ਬਾਰੇ ਕੁਝ ਆਖਿਆ ਹੈ?”
35ਪਿਲਾਤੁਸ ਨੇ ਕਿਹਾ, “ਮੈਂ ਇੱਕ ਯਹੂਦੀ ਨਹੀਂ ਹਾਂ ਤੇਰੇ ਆਪਣੇ ਹੀ ਲੋਕ ਅਤੇ ਪਰਧਾਨ ਜਾਜਕ ਤੈਨੂੰ ਮੇਰੇ ਕੋਲ ਲਿਆਏ ਹਨ। ਤੂੰ ਕੀ ਗਲਤ ਕੀਤਾ ਹੈ?”
36ਯਿਸੂ ਨੇ ਆਖਿਆ, “ਮੇਰਾ ਰਾਜ ਇਸ ਦੁਨੀਆਂ ਦਾ ਨਹੀਂ ਹੈ। ਜੇਕਰ ਇਹ ਇਸ ਦੁਨੀਆਂ ਦਾ ਹੁੰਦਾ ਤਾਂ ਮੇਰੇ ਸੇਵਕ ਉਨ੍ਹਾਂ ਨਾਲ ਲੜਦੇ ਅਤੇ ਮੈਂ ਯਹੂਦੀਆਂ ਦੇ ਹਵਾਲੇ ਨਾ ਕੀਤਾ ਜਾਂਦਾ। ਪਰ ਮੇਰਾ ਰਾਜ ਕਿਸੇ ਹੋਰ ਥਾਂ ਦਾ ਹੈ ਇੱਥੋਂ ਦਾ ਨਹੀਂ।”
37ਪਿਲਾਤੁਸ ਨੇ ਆਖਿਆ, “ਇਸ ਦਾ ਮਤਲਬ ਤੂੰ ਇੱਕ ਰਾਜਾ ਹੈ?”
ਯਿਸੂ ਨੇ ਆਖਿਆ, “ਤੂੰ ਜੋ ਆਖਿਆ ਉਹ ਸੱਚ ਹੈ। ਮੈਂ ਇੱਕ ਰਾਜਾ ਹਾਂ। ਮੈਂ ਇਸੇ ਲਈ ਜਨਮ ਲਿਆ ਅਤੇ ਇਸੇ ਕਾਰਣ ਦੁਨੀਆਂ ਤੇ ਆਇਆ ਤਾਂ ਜੋ ਮੈਂ ਸਚਿਆਈ ਦੀ ਗਵਾਹੀ ਦੇ ਸੱਕਾਂ। ਅਤੇ ਹਰ ਮਨੁੱਖ ਜੋ ਸਚਿਆਈ ਨਾਲ ਸੰਬੰਧਿਤ ਹੈ ਉਹ ਮੇਰੀ ਅਵਾਜ਼ ਸੁਣਦਾ ਹੈ।”
38ਪਿਲਾਤੁਸ ਨੇ ਕਿਹਾ, “ਸੱਚ ਕੀ ਹੈ?” ਇਹ ਆਖਣ ਤੋਂ ਬਾਦ ਉਹ ਫ਼ੇਰ ਤੋਂ ਯਹੂਦੀਆਂ ਕੋਲ ਗਿਆ ਅਤੇ ਉਨ੍ਹਾਂ ਨੂੰ ਆਖਿਆ, “ਇਸ ਆਦਮੀ ਤੇ ਲਾਉਣ ਵਾਸਤੇ ਮੈਨੂੰ ਕੋਈ ਦੋਸ਼ ਨਹੀਂ ਲੱਭਿਆ। 39ਪਰ ਇਹ ਤੁਹਾਡਾ ਰਿਵਾਜ਼ ਹੈ ਕਿ ਮੈਂ ਤੁਹਾਡੇ ਲਈ ਪਸਾਹ ਦੇ ਤਿਉਹਾਰ ਦੇ ਸਮੇਂ ਇੱਕ ਕੈਦੀ ਨੂੰ ਮੁਕਤ ਕਰ ਸੱਕਦਾ ਹਾਂ। ਸੋ ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਲਈ ਯਹੂਦੀਆਂ ਦੇ ਰਾਜੇ ਨੂੰ ਮੁਕਤ ਕਰ ਦੇਵਾਂ?”
40ਤਾਂ ਯਹੂਦੀ ਉੱਚੀ ਅਵਾਜ਼ ਵਿੱਚ ਚੀਕੇ, “ਨਹੀਂ, ਉਸ ਨੂੰ ਨਹੀਂ, ਪਰ ਤੂੰ ਬਰੱਬਾਸ ਨੂੰ ਮੁਕਤ ਕਰਦੇ।” ਬਰੱਬਾਸ ਇੱਕ ਡਾਕੂ ਸੀ।
Chwazi Kounye ya:
ਯੂਹੰਨਾ ਦੀ ਇੰਜੀਲ 18: PERV
Pati Souliye
Pataje
Kopye
Ou vle gen souliye ou yo sere sou tout aparèy ou yo? Enskri oswa konekte
Punjabi Holy Bible: Easy-to-Read Version
All rights reserved.
© 2002 Bible League International