ਮੱਤੀ 20
20
ਅੰਗੂਰੀ ਬਾਗ਼ ਦੇ ਮਜ਼ਦੂਰਾਂ ਦਾ ਦ੍ਰਿਸ਼ਟਾਂਤ
1 ਸਵਰਗ ਰਾਜ ਇੱਕ ਘਰ ਦੇ ਮਾਲਕ ਵਰਗਾ ਹੈ ਜਿਹੜਾ ਸਵੇਰੇ ਘਰੋਂ ਨਿੱਕਲਿਆ ਤਾਂ ਕਿ ਆਪਣੇ ਅੰਗੂਰੀ ਬਾਗ਼ ਵਿੱਚ ਮਜ਼ਦੂਰ ਲਾਵੇ। 2ਅਤੇ ਜਦ ਉਹ ਨੇ ਮਜ਼ਦੂਰਾਂ ਨਾਲ ਇੱਕ ਦੀਨਾਰ ਦਿਹਾੜੀ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦਾ ਵਾਅਦਾ ਕੀਤਾ ਅਤੇ ਉਨ੍ਹਾਂ ਨੂੰ ਆਪਣੇ ਬਾਗ਼ ਵਿੱਚ ਭੇਜ ਦਿੱਤਾ। 3ਅਤੇ ਪਹਿਰ ਕੁ ਦਿਨ ਚੜੇ ਬਾਹਰ ਜਾ ਕੇ ਉਹ ਨੇ ਹੋਰ ਲੋਕਾਂ ਨੂੰ ਬਜਾਰ ਵਿੱਚ ਵਿਹਲੇ ਖੜ੍ਹੇ ਵੇਖਿਆ। 4ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਵੀ ਬਾਗ਼ ਵਿੱਚ ਜਾਓ ਅਤੇ ਜੋ ਹੱਕ ਹੋਵੇਗਾ ਉਹ ਮੈਂ ਤੁਹਾਨੂੰ ਦਿਆਂਗਾ, ਅਤੇ ਉਹ ਗਏ। 5ਅਤੇ ਦਿਨ ਦੇ ਤੀਜੇ ਪਹਿਰ ਦੇ ਲਗਭਗ ਬਾਹਰ ਜਾ ਕੇ ਉਹ ਨੇ ਉਸੇ ਤਰ੍ਹਾਂ ਕੀਤਾ। 6ਅਤੇ ਘੰਟਾ ਕੁ ਦਿਨ ਰਹਿੰਦੇ ਬਾਹਰ ਜਾ ਕੇ ਉਹ ਨੇ ਹੋਰਨਾਂ ਨੂੰ ਖੜ੍ਹੇ ਵੇਖਿਆ ਅਤੇ ਉਨ੍ਹਾਂ ਨੂੰ ਕਿਹਾ, ਤੁਸੀਂ ਇੱਥੇ ਸਾਰਾ ਦਿਨ ਵਿਹਲੇ ਕਿਉਂ ਖੜ੍ਹੇ ਰਹੇ? 7ਉਨ੍ਹਾਂ ਨੇ ਉਸ ਨੂੰ ਕਿਹਾ, ਕਿਉਂਕਿ ਕਿਸੇ ਸਾਨੂੰ ਦਿਹਾੜੀ ਨਹੀਂ ਲਾਇਆ। ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਵੀ ਬਾਗ਼ ਵਿੱਚ ਜਾਓ। 8ਅਤੇ ਜਦੋਂ ਸ਼ਾਮ ਹੋਈ ਬਾਗ਼ ਦੇ ਮਾਲਕ ਨੇ ਆਪਣੇ ਭੰਡਾਰੀ ਨੂੰ ਆਖਿਆ ਕਿ ਮਜ਼ਦੂਰਾਂ ਨੂੰ ਸੱਦ ਅਤੇ ਪਿੱਛਲਿਆਂ ਤੋਂ ਲੈ ਕੇ ਪਹਿਲਿਆਂ ਤੱਕ ਉਨ੍ਹਾਂ ਨੂੰ ਮਜ਼ਦੂਰੀ ਦੇ। 9ਅਤੇ ਜਦੋਂ ਉਹ ਆਏ ਜਿਹੜੇ ਘੰਟਾ ਦਿਨ ਰਹਿੰਦੇ ਕੰਮ ਲੱਗੇ ਸਨ ਤਾਂ ਉਨ੍ਹਾਂ ਨੂੰ ਵੀ ਇੱਕ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਮਿਲਿਆ। 10ਅਤੇ ਜੋ ਪਹਿਲੇ ਆਏ ਉਨ੍ਹਾਂ ਇਹ ਸਮਝਿਆ ਕਿ ਸਾਨੂੰ ਕੁਝ ਵੱਧ ਮਿਲੇਗਾ ਅਤੇ ਉਨ੍ਹਾਂ ਨੂੰ ਵੀ ਇੱਕ ਦੀਨਾਰ ਹੀ ਮਿਲਿਆ। 11ਪਰ ਉਹ ਇੱਕ ਦੀਨਾਰ ਲੈ ਕੇ ਘਰ ਦੇ ਮਾਲਕ ਦੇ ਉੱਤੇ ਕੁੜ੍ਹਨ ਲੱਗੇ। 12ਅਤੇ ਬੋਲੇ ਜੋ ਅੰਤ ਵਿੱਚ ਆਏ ਉਹਨਾਂ ਨੇ ਇੱਕੋ ਘੜੀ ਕੰਮ ਕੀਤਾ ਅਤੇ ਤੂੰ ਇਨ੍ਹਾਂ ਨੂੰ ਵੀ ਸਾਡੇ ਬਰਾਬਰ ਕਰ ਦਿੱਤਾ ਜਿਨ੍ਹਾਂ ਸਾਰੇ ਦਿਨ ਦਾ ਭਾਰ ਅਤੇ ਧੁੱਪ ਸਹੀ। 13ਤਦ ਉਸ ਨੇ ਉਨ੍ਹਾਂ ਵਿੱਚੋਂ ਇੱਕ ਨੂੰ ਉੱਤਰ ਦਿੱਤਾ ਕਿ ਮੈਂ ਤੇਰੇ ਨਾਲ ਕੁਝ ਬੇਇਨਸਾਫ਼ੀ ਨਹੀਂ ਕਰਦਾ। ਕੀ, ਤੂੰ ਮੇਰੇ ਨਾਲ ਇੱਕ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦੀ ਗੱਲ ਪੱਕੀ ਨਹੀਂ ਕੀਤੀ ਸੀ? 14ਤੂੰ ਆਪਣਾ ਹਿਸਾਬ ਲੈ ਕੇ ਚੱਲਿਆ ਜਾ ਪਰ ਮੇਰੀ ਮਰਜ਼ੀ ਹੈ ਕਿ ਜਿੰਨਾਂ ਤੈਨੂੰ ਦਿੱਤਾ ਉੱਨਾ ਹੀ ਇਸ ਪਿੱਛਲੇ ਨੂੰ ਵੀ ਦਿਆਂ। 15ਭਲਾ, ਮੈਨੂੰ ਅਧਿਕਾਰ ਨਹੀਂ ਕਿ ਆਪਣੇ ਮਾਲ ਨਾਲ ਜੋ ਚਾਹਾਂ ਸੋ ਕਰਾਂ? ਕੀ ਤੂੰ ਇਸੇ ਲਈ ਬੁਰੀ ਨਜ਼ਰ ਵੇਖਦਾ ਹੈਂ ਜੋ ਮੈਂ ਭਲਾ ਹਾਂ? 16ਇਸੇ ਤਰ੍ਹਾਂ ਜੋ ਪਹਿਲਾਂ ਵਾਲੇ ਪਿਛਲੇ ਅਤੇ ਪਿਛਲੇ ਵਾਲੇ ਪਹਿਲਾਂ ਹੋਣਗੇ।
ਆਪਣੀ ਮੌਤ ਦੇ ਬਾਰੇ ਯਿਸੂ ਦੀ ਤੀਸਰੇ ਭਵਿੱਖਬਾਣੀ
ਮਰਕੁਸ 10:32-34; ਲੂਕਾ 18:31-34
17ਜਦੋਂ ਯਿਸੂ ਯਰੂਸ਼ਲਮ ਨੂੰ ਜਾਂਦਾ ਸੀ ਤਾਂ ਬਾਰਾਂ ਚੇਲਿਆਂ ਨੂੰ ਅਲੱਗ ਕਰ ਕੇ ਰਾਹ ਵਿੱਚ ਉਨ੍ਹਾਂ ਨੂੰ ਆਖਿਆ, 18ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਮਨੁੱਖ ਦਾ ਪੁੱਤਰ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਉਸ ਨੂੰ ਮਾਰ ਸੁੱਟਣ ਦਾ ਹੁਕਮ ਦੇਣਗੇ। 19ਅਤੇ ਉਸ ਨੂੰ ਠੱਠਾ ਕਰਨ, ਕੋਰੜੇ ਮਾਰਨ ਅਤੇ ਸਲੀਬ ਉੱਤੇ ਚੜ੍ਹਾਉਣ ਲਈ ਪਰਾਈਆਂ ਕੌਮਾਂ ਦੇ ਹੱਥ ਫੜਵਾ ਦੇਣਗੇ ਅਤੇ ਉਹ ਤੀਜੇ ਦਿਨ ਫੇਰ ਜਿਵਾਇਆ ਜਾਵੇਗਾ।
ਇੱਕ ਮਾਂ ਦੀ ਬੇਨਤੀ
ਮਰਕੁਸ 10:35-45
20ਤਦ ਜ਼ਬਦੀ ਦੇ ਪੁੱਤਰਾਂ ਦੀ ਮਾਤਾ ਆਪਣੇ ਪੁੱਤਰਾਂ ਨੂੰ ਉਸ ਦੇ ਕੋਲ ਲਿਆਈ ਅਤੇ ਮੱਥਾ ਟੇਕ ਕੇ ਉਸ ਅੱਗੇ ਇੱਕ ਬੇਨਤੀ ਕਰਨ ਲੱਗੀ। 21ਸੋ ਉਸ ਨੇ ਉਹ ਨੂੰ ਆਖਿਆ, ਤੂੰ ਕੀ ਚਾਹੁੰਦੀ ਹੈਂ? ਉਹ ਨੇ ਉਸ ਨੂੰ ਕਿਹਾ, ਆਗਿਆ ਕਰ ਜੋ ਤੇਰੇ ਰਾਜ ਵਿੱਚ ਮੇਰੇ ਇਹ ਦੋਵੇਂ ਪੁੱਤਰ ਇੱਕ ਤੇਰੇ ਸੱਜੇ ਅਤੇ ਇੱਕ ਤੇਰੇ ਖੱਬੇ ਹੱਥ ਬੈਠਣ। 22ਪਰ ਯਿਸੂ ਨੇ ਉੱਤਰ ਦਿੱਤਾ, ਤੁਸੀਂ ਨਹੀਂ ਜਾਣਦੇ ਜੋ ਕੀ ਮੰਗਦੇ ਹੋ। ਉਹ ਪਿਆਲਾ ਜਿਹੜਾ ਮੈਂ ਪੀਣ ਨੂੰ ਤਿਆਰ ਹਾਂ ਕੀ ਤੁਸੀਂ ਪੀ ਸਕਦੇ ਹੋ? ਉਨ੍ਹਾਂ ਉਸ ਨੂੰ ਆਖਿਆ, ਅਸੀਂ ਪੀ ਸਕਦੇ ਹਾਂ। 23ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਮੇਰਾ ਪਿਆਲਾ ਤਾਂ ਜ਼ਰੂਰ ਪੀਓਗੇ, ਪਰ ਸੱਜੇ ਖੱਬੇ ਬਿਠਾਉਣਾ ਮੇਰਾ ਕੰਮ ਨਹੀਂ, ਪਰ ਉਨ੍ਹਾਂ ਲਈ ਹੈ ਜਿਨ੍ਹਾਂ ਲਈ ਮੇਰੇ ਪਿਤਾ ਨੇ ਉਹ ਨੂੰ ਤਿਆਰ ਕੀਤਾ ਹੈ। 24ਅਤੇ ਜਦ ਦਸਾਂ ਨੇ ਇਹ ਸੁਣਿਆ ਤਾਂ ਉਨ੍ਹਾਂ ਦੋਹਾਂ ਭਰਾਵਾਂ ਉੱਤੇ ਖਿਝ ਗਏ। 25ਤਦ ਯਿਸੂ ਨੇ ਉਨ੍ਹਾਂ ਨੂੰ ਕੋਲ ਸੱਦ ਕੇ ਆਖਿਆ, ਤੁਸੀਂ ਜਾਣਦੇ ਹੋ ਜੋ ਪਰਾਈਆਂ ਕੌਮਾਂ ਦੇ ਅਧਿਕਾਰੀ ਉਨ੍ਹਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਉਹ ਜਿਹੜੇ ਵੱਡੇ ਹਨ, ਉਨ੍ਹਾਂ ਉੱਤੇ ਅਧਿਕਾਰ ਜਮਾਉਂਦੇ ਹਨ। 26ਤੁਹਾਡੇ ਵਿੱਚ ਅਜਿਹਾ ਨਾ ਹੋਵੇ ਪਰ ਜੋ ਕੋਈ ਤੁਹਾਡੇ ਵਿੱਚੋਂ ਕੋਈ ਵੱਡਾ ਹੋਣਾ ਚਾਹੇ, ਸੋ ਤੁਹਾਡਾ ਸੇਵਾਦਾਰ ਹੋਵੇ। 27ਅਤੇ ਜੋ ਕੋਈ ਤੁਹਾਡੇ ਵਿੱਚੋਂ ਅਧਿਕਾਰੀ ਬਣਨਾ ਚਾਹੁੰਦਾ ਹੋਵੇ, ਉਹ ਤੁਹਾਡਾ ਕਾਮਾ ਹੋਵੇ। 28ਜਿਵੇਂ ਮਨੁੱਖ ਦਾ ਪੁੱਤਰ ਆਪਣੀ ਸੇਵਾ ਟਹਿਲ ਕਰਾਉਣ ਨਹੀਂ ਸਗੋਂ ਸੇਵਾ ਟਹਿਲ ਕਰਨ ਅਤੇ ਬਹੁਤਿਆਂ ਦੇ ਥਾਂ ਪ੍ਰਾਸਚਿੱਤ ਦਾ ਮੁੱਲ ਭਰਨ ਲਈ ਆਪਣੀ ਜਾਨ ਦੇਣ ਆਇਆ।
ਦੋ ਅੰਨ੍ਹਿਆਂ ਨੂੰ ਚੰਗਾ ਕਰਨਾ
ਮਰਕੁਸ 10:46-52; ਲੂਕਾ 18:35-43
29ਜਦ ਉਹ ਯਰੀਹੋ ਤੋਂ ਨਿੱਕਲਦੇ ਸਨ, ਤਦ ਵੱਡੀ ਭੀੜ ਉਹ ਦੇ ਮਗਰ ਹੋ ਤੁਰੀ। 30ਅਤੇ ਵੇਖੋ ਕਿ ਦੋ ਅੰਨ੍ਹੇ ਜਿਹੜੇ ਸੜਕ ਦੇ ਕੰਢੇ ਬੈਠੇ ਸਨ, ਜਦ ਇਹ ਸੁਣਿਆ ਜੋ ਯਿਸੂ ਲੰਘਿਆ ਜਾਂਦਾ ਹੈ ਉੱਚੀ ਅਵਾਜ਼ ਵਿੱਚ ਬੋਲੇ, ਹੇ ਪ੍ਰਭੂ, ਦਾਊਦ ਦੇ ਪੁੱਤਰ, ਸਾਡੇ ਉੱਤੇ ਦਯਾ ਕਰ! 31ਅਤੇ ਭੀੜ ਨੇ ਉਨ੍ਹਾਂ ਨੂੰ ਝਿੜਕਿਆ ਕਿ ਚੁੱਪ ਕਰ ਜਾਣ ਪਰ ਉਹ ਹੋਰ ਵੀ ਉੱਚੀ ਦੇ ਕੇ ਬੋਲੇ, ਹੇ ਪ੍ਰਭੂ ਦਾਊਦ ਦੇ ਪੁੱਤਰ, ਸਾਡੇ ਉੱਤੇ ਦਯਾ ਕਰ! 32ਤਦ ਯਿਸੂ ਨੇ ਖੜ੍ਹੇ ਹੋ ਕੇ ਉਨ੍ਹਾਂ ਨੂੰ ਸੱਦਿਆ ਅਤੇ ਕਿਹਾ, ਤੁਸੀਂ ਕੀ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਕਰਾਂ? 33ਉਨ੍ਹਾਂ ਉਸ ਨੂੰ ਆਖਿਆ, ਪ੍ਰਭੂ ਜੀ, ਸਾਡੀਆਂ ਅੱਖਾਂ ਖੁੱਲ੍ਹ ਜਾਣ! 34ਅਤੇ ਯਿਸੂ ਨੇ ਤਰਸ ਖਾ ਕੇ ਉਨ੍ਹਾਂ ਦੀਆਂ ਅੱਖਾਂ ਨੂੰ ਛੂਹਿਆ ਅਤੇ ਉਹ ਓਸੇ ਵੇਲੇ ਸੁਜਾਖੇ ਹੋ ਗਏ ਅਤੇ ਉਹ ਦੇ ਮਗਰ ਤੁਰ ਪਏ।
നിലവിൽ തിരഞ്ഞെടുത്തിരിക്കുന്നു:
ਮੱਤੀ 20: IRVPun
ഹൈലൈറ്റ് ചെയ്യുക
പങ്ക് വെക്കു
താരതമ്യം
പകർത്തുക
നിങ്ങളുടെ എല്ലാ ഉപകരണങ്ങളിലും ഹൈലൈറ്റുകൾ സംരക്ഷിക്കാൻ ആഗ്രഹിക്കുന്നുണ്ടോ? സൈൻ അപ്പ് ചെയ്യുക അല്ലെങ്കിൽ സൈൻ ഇൻ ചെയ്യുക
PNB-IRV
Creative Commons License
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.